ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ

S. Laljit Singh Bhullar
S. Laljit Singh Bhullar
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 13 ਜਨਵਰੀ 2024
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਵੇਗਾ।
ਇਸੇ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।