ਭਾਜਪਾ ਨੂੰ ਵੱਡਾ ਝਟਕਾ ; ਫਤਿਹਗੜ੍ਹ ਸਾਹਿਬ ਦਾ ਯੁਵਾ ਮੋਰਚਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ’ਚ ਹੋਇਆ ਸ਼ਾਮਲ

ਬਿਕਰਮ ਸਿੰਘ ਮਜੀਠੀਆ ਨੇ ਅਜੈ ਨਿਵਾਨ ਦਾ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਕੀਤਾ ਨਿੱਘਾ ਸਵਾਗਤ

ਚੰਡੀਗੜ੍ਹ, 4 ਦਸੰਬਰ : ਭਾਰਤੀ ਜਨਤਾ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇਸਦੇ ਫਤਿਹਗੜ੍ਹ ਸਾਹਿਬ ਦੇ ਯੁਵਾ ਮੋਰਚਾ ਪ੍ਰਧਾਨ ਅਜੈ ਕੁਮਾਰ ਨਿਵਾਨ ਸੀਨੀਅਰ ਆਗੂ ਸ੍ਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਅਜੈ ਕੁਮਾਰ ਨਿਵਾਨ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਯੁਵਾ ਮੋਰਚਾ ਦੇ ਆਗੂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਨੇ  ਨਿਵਾਨ ਵੱਲੋਂ ਅੰਤਰ ਆਤਮਾ ਦੀ ਆਵਾਜ਼ ਸੁਣ ਕੇ ਕਿਸਾਨ, ਜੋ ਕਿ ਕੇਂਦਰ ਸਰਕਾਰ ਦੇ ਹੱਥੋਂ ਧੋਖੇ ਦਾ ਸ਼ਿਕਾਰ ਹੋਏ ਹਨ,  ਹਿੱਤਾਂ ਵਾਸਤੇ ਡੱਟਣ ਵਾਲਿਆਂ ਦਾ ਸਾਥ ਦੇਣ ਦਾ ਫੈਸਲਾ ਕਰਨ ਦਾ ਸਵਾਗਤ ਕੀਤਾ। ਇਸ ਮੌਕੋੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੀ ਮੌਜੂਦ ਸਨ।
ਇਸ ਮੌਕੇ ਸ੍ਰੀ ਅਜੈ ਨਿਵਾਨ ਨੇ ਆਖਿਆ ਕਿ ਉਹਨਾਂ ਨੇ ਕਿਸਾਨਾਂ ਨਾਲ ਕੀਤੇ ਜਾ ਰਹੇ ਮਾੜੇ ਵਿਵਹਾਰ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਵੱਲੋਂ ਅੜੀਅਲ ਰਵੱਈਏ ਨੂੰ ਵੇਖਦਿਆਂ ਰੋਸ ਵਜੋਂ ਭਾਜਪਾ ਤੋਂ ਅਸਤੀਫਾ  ਦਿੱਤਾ ਹੈ।  ਉਹਨਾਂ ਕਿਹਾ ਕਿ ਉਹਨਾਂ ਨੇ ਭਾਜਪਾ ਦੀ ਸੂਬਾ ਲੀਡਰਸ਼ਿਪ ਨੂੰ ਕਿਸਾਨਾਂ ਵਿਚ ਪਾਰਟੀ ਪ੍ਰਤੀ ਗੁੱਸੇ ਤੋਂ ਜਾਣੂ ਕਰਵਾਇਆ ਸੀ ਪਰ ਪਾਰਟੀ ਨੇ ਉਹਨਾਂ ਦੀ ਫੀਡਬੈਕ ਦੀ ਪਰਵਾਹ ਨਹੀਂ ਕੀਤੀ ।  ਉਹਨਾਂ ਕਿਹਾ ਕਿ ਮੈਂ ਇਸ ਗੱਲ ਤੋਂ ਚਿੰਤਤ ਹਾਂ ਕਿ ਪੰਜਾਬ ਦੇ ਲੋਕਾਂ ਦੇ ਧਰੁਵੀਕਰਨ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ ਅਤੇ ਦਿਹਾਤੀ ਲੋਕਾਂ ਦਾ ਸ਼ਹਿਰੀਆਂ ਨਾਲ ਟਕਰਾਅ ਕਰਵਾਇਆ ਜਾ ਰਿਹਾ ਹੈ।  ਉਹਨਾਂ ਕਿਹਾ ਕਿ ਇਸ ਨੀਤੀ ਨਾਲ ਸੂਬੇ ਵਿਚ ਫਿਰਕੂ ਮਾਹੌਲ ਖਰਾਬ ਹੋਵੇਗਾ ਅਤੇ ਇਸਦੇ ਖਤਰਨਾਕ ਨਤੀਜੇ ਵੀ ਨਿਕਲ ਸਕਦੇ ਹਨ। ਉਹਨਾਂ ਕਿਹਾ ਕਿ ਮੈਂ ਅਜਿਹੇ ਹਾਲਾਤਾਂ ਵਿਚ ਭਾਜਪਾ ਦੇ ਨਾਲ ਨਹੀਂ ਰਹਿਣਾ ਚਾਹੁੰਦਾ।
ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੈ ਕਿਹਾ ਕਿ ਭਾਜਪਾ ਯੁਵਾ ਮੋਰਚਾ ਦੇ ਮੈਂਬਰ ਵੀ ਆਉਂਦੇ ਦਿਨਾ ਵਿਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਲੋਕ ਅਜਿਹਾ ਮਹਿਸੂਸ ਕਰ ਰਹੇ ਹਨ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਸਮੇਤ ਕਿਸਾਨੀ ਵਾਸਤੇ ਡਟਿਆ ਹੈ। ਇਹ ਸਾਰੇ ਵਰਗ ਆਪਸ ਵਿਚ ਜੁੜੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਯੁਵਾ ਮੋਰਚਾ ਦੇ ਵਰਕਰ ਅਤੇ ਉਦਯੋਗਪਤੀ ਪ੍ਰਦੀਪ ਸ਼ਰਮਾ  ਜੋ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ, ਨੇ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਰਾਏ ਵੀ ਮੌਜੂਦ ਸਨ।