ਜਲੰਧਰ, 28 ਜੂਨ :-
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਸਮੱਗਰਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ 705 ਸਰਕਾਰੀ ਪ੍ਰਾਇਮਰੀ/ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 1090.65 ਲੱਖ ਰੁਪਏ ਨਾਲ ਸਿਵਲ ਵਰਕਸ ਮੁਕੰਮਲ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ 718 ਸਕੂਲਾਂ ਵਿੱਚ ਸਿਵਲ ਵਰਕਸ ਲਈ 1124.45 ਲੱਖ ਰੁਪਏ ਦੀ ਗ੍ਰਾਂਟ ਪ੍ਰਾਪਤ ਹੋਈ ਸੀ, ਜਿਸ ਵਿੱਚੋਂ 705 ਸਕੂਲਾਂ ਵਿੱਚ 1090.65 ਲੱਖ ਰੁਪਏ ਦੀ ਲਾਗਤ ਨਾਲ ਇਹ ਕਾਰਜ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ 13 ਸਕੂਲਾਂ ਵਿੱਚ ਵੀ 97 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 588 ਸਕੂਲਾਂ ਵਿੱਚ 450.47 ਲੱਖ ਦੀ ਲਾਗਤ ਨਾਲ ਮੁਰੰਮਤ ਅਤੇ ਮੈਨਟੇਨੈਂਸ ਦੇ ਕਾਰਜ ਕਰਵਾਏ ਜਾ ਚੁੱਕੇ ਹਨ ਜਦਕਿ 93 ਸਕੂਲਾਂ ਵਿੱਚ 636.01 ਲੱਖ ਰੁਪਏ ਦੀ ਲਾਗਤ ਨਾਲ ਕਲਾਸ ਰੂਮਜ਼ ਦੀ ਉਸਾਰੀ ਕਰਵਾਈ ਗਈ ਹੈ। ਇਸ ਤੋਂ ਇਲਾਵਾ 24 ਸਕੂਲਾਂ ਵਿੱਚ 4.16 ਲੱਖ ਦੀ ਲਾਗਤ ਨਾਲ ਲੜਕੀਆਂ ਲਈ ਵੱਖਰੇ ਪਖਾਨਿਆਂ ਦੀ ਮੁਰੰਮਤ ਕਰਵਾਈ ਗਈ ਹੈ।
ਕੰਮਾਂ ਦੇ ਮੁਕੰਮਲ ਹੋਣ ’ਤੇ ਤਸੱਲੀ ਜ਼ਾਹਰ ਕਰਦਿਆਂ ਘਨਸ਼ਿਆਮ ਥੋਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੇ ਸਕੂਲਾਂ ਦੇ ਸਿਵਲ ਵਰਕਸ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਉਣੇ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

English






