ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਹੋਣਾ ਮਾਣ ਵਾਲੀ ਗੱਲ- ਡੀਸੀ ਅੰਮ੍ਰਿਤ ਸਿੰਘ

Deputy Commissioner Amrit Singh
ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਹੋਣਾ ਮਾਣ ਵਾਲੀ ਗੱਲ- ਡੀਸੀ ਅੰਮ੍ਰਿਤ ਸਿੰਘ
ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ

ਫਿਰੋਜ਼ਪੁਰ 18 ਅਪ੍ਰੈਲ 2022

ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਵੱਲੋਂ ਜ਼ਿਲ੍ਹੇ ਦੇ ਪੱਤਰਕਾਰਾਂ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਜਿਲ੍ਹੇ ਦੇ ਵੱਖ-ਵੱਖ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਸਮੂਹ ਹਾਜ਼ਰੀਨ ਪੱਤਰਕਾਰਾਂ ਨੂੰ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੌਥਾ ਥੰਮ ਹਨ। ਸਮਾਜ ਦੇ ਉਥਾਨ ਵਿੱਚ ਪੱਤਰਕਾਰਾਂ ਦਾ ਅਹਿਮ ਰੋਲ ਹੁੰਦਾ ਹੈ।

ਹੋਰ ਪੜ੍ਹੋ :-ਪੰਜਾਬ ਪੁਲਿਸ ਵੱਲੋਂ ਸੀ.ਆਈ.ਏ. ਦਫ਼ਤਰ ਨਵਾਂਸ਼ਹਿਰ ਤੇ ਗਰਨੇਡ ਹਮਲਾ ਕਰਨ ਵਾਲੇ ਅੱਤਵਾਦੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫਤਾਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਉਲੀਕੀਆ ਗਈਆਂ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਪੱਤਰਕਾਰਾਂ ਵੱਲੋਂ ਪ੍ਰਸ਼ਾਸਨਿਕ ਕਮੀਆਂ ਵੀ ਖਬਰਾਂ ਰਾਹੀਂ ਉਜਾਗਰ ਕੀਤੀਆਂ ਜਾਂਦੀਆਂ ਹਨ ਜਿਸ ਤੇ ਅਮਲ ਕਰਕੇ ਉਨ੍ਹਾਂ ਦੀ ਇਹ ਪਹਿਲ ਰਹੇਗੀ ਕਿ ਇਸ ਤਰ੍ਹਾਂ ਦੀਆਂ ਕਮੀਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਯੂਪੀਐੱਸਈ ਦੀ ਤਿਆਰੀ ਤੋਂ ਪਹਿਲਾ ਯੂਪੀ ਵਿਖੇ ਮੁੱਢਲੀ ਸਿੱਖਿਆ ਪ੍ਰਾਪਤ ਕੀਤੀ ਅਤੇ ਇਸ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਯੂਪੀਐੱਸਈ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਵੀ ਮਾਣ ਹੈ ਕਿ ਉਹ ਫਿਰੋਜ਼ਪੁਰ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਵਜੋਂ ਤੈਨਾਤ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਐਸਡੀਐਮ ਬਰਨਾਲਾ, ਐਸਡੀਐਮ ਨਕੋਦਰ, ਵਧੀਕ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਵਧੀਕ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ ਲੁਧਿਆਣਾ, ਏਐੱਮਡੀ ਮਾਰਕਫੈੱਡ ਅਤੇ ਚੀਫ ਐਡਮਿਨੀਸਟਰੇਟਰ ਡਿਵੈਲਪਮੈਂਟ ਅਥਾਰਿਟੀ ਜਲੰਧਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।