ਡੀ.ਸੀ. ਵੱਲੋਂ ਵਿਕਾਸ ਕਾਰਜ਼ਾਂ ਨੂੰ ਸਮੇ ਸਿਰ ਨੇਪਰੇ ਚਾੜ੍ਹਨ ਲਈ ਹਫ਼ਤਾਵਾਰੀ ਟੀਚੇ ਨਿਰਧਾਰਤ

ਕੈਪਟਨ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੀ ਪ੍ਰਗਤੀ ਬਾਰੇ ਕੀਤੀ ਸਮੀਖਿਆ, ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਲੁਧਿਆਣਾ, 18 ਜੂਨ 2021 ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਨੂੰ ਹਫਤਾਵਾਰੀ ਟੀਚੇ ਨਿਰਧਾਰਤ ਕੀਤੇ ਗਏ, ਜਿਸ ਦਾ ਉਹ ਖੁਦ ਨਿਰੀਖਣ ਕਰਨਗੇ।
ਸਥਾਨਕ ਬਚਤ ਭਵਨ ਵਿਖੇ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਜਲਦ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਏ ਫੰਡਾਂ ਲਈ ਵਰਤੋਂ ਸਰਟੀਫਿਕੇਟ (ਯੂ.ਸੀ.) ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਪੰਚਾਇਤੀ ਫੰਡਾਂ, ਵਿੱਤ ਕਮਿਸ਼ਨ ਦੇ ਫੰਡਾਂ ਅਤੇ ਪੇਂਡੂ ਵਿਕਾਸ ਫੰਡਾਂ ਅਧੀਨ ਚੱਲ ਰਹੇ ਪ੍ਰਾਜੈਕਟ ਇਕ ਮਹੀਨੇ ਦੇ ਅੰਦਰ ਮੁਕੰਮਲ ਕੀਤੇ ਜਾਣ ਅਤੇ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਹਫ਼ਤਾਵਾਰੀ ਸਮੀਖਿਆ ਕਰਨਗੇ।
ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਮੁਖੀਆਂ ਨੂੰ ਨਿੱਜੀ ਤੌਰ ਤੇ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਬਕਾਇਆ ਕੰਮ ਨਿਰਧਾਰਤ ਸਮੇਂ ਵਿੱਚ ਪੂਰੇ ਕੀਤੇ ਜਾ ਸਕਣ।
ਉਨ੍ਹਾਂ ਅੱਗੇ ਬੀ.ਡੀ.ਪੀ.ਓਜ਼ ਨੂੰ ਕਿਹਾ ਕਿ ਉਹ ਮਹਾਤਮਾ ਗਾਂਧੀ ਨੈਸ਼ਨਲ ਰੋਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਕੋਰੋਨਾ ਮਹਾਂਮਾਰੀ ਦੌਰਾਨ ਪਿੰਡਾਂ ਵਿੱਚ ਵਿੱਤੀ ਮਾਰ ਹੇਠ ਆਏ ਲੋਕਾਂ ਦੇ ਸਹਾਇਤਾ ਲਈ ਕੰਮਾਂ ਵਿੱਚ ਤੇਜ਼ੀ ਲਿਆਉਣ।
ਉਨ੍ਹਾਂ ਕਿਹਾ ਕਿ ਮਨਰੇਗਾ ਦੀ ਕਾਰਗੁਜ਼ਾਰੀ ਨੂੰ ਵਧਾਉਣਾ ਨਾ ਸਿਰਫ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਉਤਸ਼ਾਹਤ ਕਰੇਗਾ ਬਲਕਿ ਪੇਂਡੂ ਮਜ਼ਦੂਰਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦਿਆਂ ਪਿੰਡਾਂ ਵਿੱਚ ਵਿੱਤੀ ਸੰਕਟ ਨਾਲ ਨਜਿੱਠਣ ਵਿੱਚ ਵੀ ਸਹਾਇਤਾ ਕਰੇਗਾ।
ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿੱਥੇ ਗਏ ਟੀਚਿਆਂ ਦੀ ਪ੍ਰਾਪਤੀ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ।
ਇਸ ਦੌਰਾਨ ਉਨ੍ਹਾਂ ਪਿੰਡਾਂ ਦੇ ਛੱਪੜਾਂ ਦਾ ਨਵੀਨੀਕਰਨ, ਜਲ ਜੀਵਨ ਮਿਸ਼ਨ, ਡੈਪੋ, ਬੱਡੀ ਪ੍ਰੋਗਰਾਮ, ਨਸ਼ਾ ਰੋਕੂ ਉਪਾਅ ਲਾਗੂ ਕਰਨ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਪ੍ਰੋਗਰਾਮ, ਖੇਤੀਬਾੜੀ ਅਤੇ ਕਿਸਾਨ ਭਲਾਈ ਸਕੀਮਾਂ, ਸਮਾਜਿਕ ਸੁਰੱਖਿਆ ਯੋਜਨਾਵਾਂ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਯੋਜਨਾਵਾਂ ਸਮੇਤ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਸਹਾਇਕ ਕਮਿਸ਼ਨਰ ਡਾ. ਹਰਜਿੰਦਰ ਸਿੰਘ, ਡੀ.ਡੀ.ਪੀ.ਓ. ਸ੍ਰੀ ਸੰਜੀਵ ਕੁਮਾਰ ਅਤੇ ਹੋਰ ਸ਼ਾਮਲ ਸਨ।