ਡੀ ਸੀ, ਐੱਸ ਐੱਸ ਪੀ ਵਲੋਂ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ
ਆਂਗਣਵਾੜੀ ਵਰਕਰਾਂ, ਨਰੇਗਾ ਵਰਕਰਾਂ, ਯੂਥ ਕਲੱਬਾਂ ਤੇ ਅਗਾਂਹਵਧੂ ਕਿਸਾਨਾਂ ਨੂੰ ਹੰਭਲਾ ਮਾਰਨ ਦਾ ਸੱਦਾ
ਕਾਹਨੇਕੇ (ਤਪਾ), 8 ਅਕਤੂਬਰ 2024
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਅੱਜ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇਸ ਮੌਕੇ ਐਸਐਸਪੀ ਬਰਨਾਲਾ ਸ੍ਰੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।ਇਸ ਮੌਕੇ ਉਨ੍ਹਾਂ ਪਿੰਡ ਧੂਰਕੋਟ, ਭੈਣੀ ਫੱਤਾ, ਬਦਰਾ ਅਤੇ ਕਾਹਨੇਕੇ ਦੇ ਲੋਕਾਂ ਨਾਲ ਕੀਤੀਆਂ ਮੀਟਿੰਗਾਂ ਕੀਤੀਆਂ। ਉਨ੍ਹਾਂ ਅਗਾਂਹਵਧੂ ਕਿਸਾਨਾਂ, ਯੂਥ ਕਲੱਬਾਂ ਦੇ ਮੈਂਬਰਾਂ, ਨੰਬਰਦਾਰਾਂ, ਚੌਕੀਦਾਰਾਂ, ਸਹਿਕਾਰੀ ਸਭਾਵਾਂ ਦੇ ਮੈਂਬਰਾਂ, ਆਂਗਣਵਾੜੀ ਵਰਕਰਾਂ, ਨਰੇਗਾ ਮਜ਼ਦੂਰਾਂ ਨੂੰ ਸੱਦਾ ਦਿੱਤਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਪਿੰਡ ਵਿੱਚ ਪਰਾਲੀ ਸਾੜਨ ਦੀ ਘਟਨਾ ਨਾ ਵਾਪਰੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਿਛਲੇ ਛੇ ਮਹੀਨਿਆਂ ਤੋਂ ਪਰਾਲੀ ਦੇ ਪ੍ਰਬੰਧਨ ਦੀ ਯੋਜਨਾ ਬਣਾਈ ਹੈ। ਜ਼ਿਲ੍ਹੇ ਦੀਆਂ ਸਾਰੀਆਂ ਸਹਿਕਾਰੀ ਸਭਾਵਾਂ ਨੂੰ ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨ ਲਈ ਲੋੜੀਂਦੀ ਮਾਤਰਾ ਵਿੱਚ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਜ਼ਮੀਨ ਵਿੱਚ ਰਲਾ ਕੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਖਾਦ ਵਜੋਂ ਵਰਤਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਕੰਬਾਈਨ ਹਾਰਵੈਸਟਰ ਦੀ ਵਰਤੋਂ ਬਿਨਾਂ ਸੁਪਰ ਐਸ.ਐਮ.ਐਸ. ਤੋਂ ਨਾ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ 45 ਤੋਂ ਵੱਧ ਟਰੈਕਟਰ ਵੱਖ-ਵੱਖ ਸਹਿਕਾਰੀ ਸਭਾਵਾਂ ਨੂੰ ਦਿੱਤੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਖੇਤੀ ਮਸ਼ੀਨਰੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਕੋਲ ਸਬਸਿਡੀ ‘ਤੇ ਖੇਤੀ ਮਸ਼ੀਨਰੀ ਹੈ, ਉਨ੍ਹਾਂ ਨੂੰ ਇਸ ਨੂੰ ਹੋਰ ਕਿਸਾਨਾਂ ਨਾਲ ਵੀ ਸਾਂਝਾ ਕਰਨਾ ਚਾਹੀਦਾ ਹੈ। ਇਸ ਮੰਤਵ ਲਈ ਸਹਿਕਾਰਤਾ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਇੱਕ ਕਿਸਾਨ ਦੀ ਸੂਚੀ ਤਿਆਰ ਕਰਕੇ ਉਸ ਨੂੰ 10 ਹੋਰ ਕਿਸਾਨਾਂ ਨਾਲ ਜੋੜਿਆ ਜਾਵੇ ਜਿਨ੍ਹਾਂ ਨਾਲ ਉਹ ਆਪਣੀ ਮਸ਼ੀਨਰੀ ਸਾਂਝੀ ਕਰ ਸਕੇ।
ਐਸਐਸਪੀ ਬਰਨਾਲਾ ਸ੍ਰੀ ਸੰਦੀਪ ਮਲਿਕ ਨੇ ਕਿਹਾ ਕਿ ਪਰਾਲੀ ਤੋਂ ਨਿਕਲਦਾ ਧੂੰਆਂ ਸੜਕਾਂ ਅਤੇ ਖੇਤਾਂ ਵਿੱਚ ਕਈ ਘਾਤਕ ਹਾਦਸਿਆਂ ਲਈ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲਣ ਲਈ ਕਾਫੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ, ਇਸ ਲਈ ਕਿਸਾਨਾਂ ਨੂੰ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਜਗਦੀਸ਼ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕਿਸਾਨ ਨਾ ਸਿਰਫ਼ ਪੌਸ਼ਟਿਕ ਤੱਤ ਗੁਆ ਲੈਂਦਾ ਹੈ ਸਗੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

English






