ਰੂਪਨਗਰ, 9 ਨਵੰਬਰ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਸ਼੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐਲ.ਐਸ.ਏ, ਰੂਪਨਗਰ ਦੀ ਯੋਗ ਨਿਗਰਾਨੀ ਹੇਠ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਮਨਾਉਣ ਲਈ ਇੱਕ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਰੂਪਨਗਰ ਵਿਖੇ ਕਰਵਾਇਆ ਗਿਆ।
ਇਸ ਮੌਕੇ ਤੇ ਅੱਜ ਦੇ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਉਨ੍ਹਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਨੂੰਨੀ ਪ੍ਰਬੰਧਾਂ ਅਤੇ ਕੰਮਕਾਜ ਸਬੰਧੀ ਜਾਗਰੂਕ ਕਰਨ ਦੇ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਦੁਆਰਾ ਨੌਜਵਾਨਾਂ ਨੂੰ ਸਸ਼ਕਤ ਕਰਨ ਵਾਲੀ ਇੱਕ ਵਿਸ਼ੇਸ਼ ਮੁਹਿੰਮ ‘ਅਕਸ਼ਮ ਤੋਂ ਸਕਸ਼ਮ’ ਵੀ ਸ਼ੁਰੂ ਕੀਤੀ ਗਈ।
‘ਅਕਸ਼ਮ ਤੋਂ ਸਕਸ਼ਮ’ ਪ੍ਰਾਜੈਕਟ ਇਨ੍ਹਾਂ ਵਰਗਾਂ, ਸਮਾਜ ਦੇ ਹਾਸ਼ੀਆਗ੍ਰਸਤ ਤਬਕੇ ਅਤੇ ਨੌਜਵਾਨਾਂ ਰਾਹੀਂ ਬੱਚਿਆਂ ਨੂੰ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਇਸ ਪ੍ਰੋਜੈਕਟ ਤਹਿਤ 16 ਸੀਨੀਅਰ ਸੈਕੰਡਰੀ ਸਕੂਲਾਂ ਦੇ 5-5 ਬੱਚਿਆਂ ਨੂੰ ਚੁਣਿਆ ਗਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਪੜਾਵਾਂ ਵਿੱਚ ਮੁਫ਼ਤ ਕਾਨੂੰਨੀ ਸੇਵਾਵਾਂ, ਅਦਾਲਤੀ ਕੰਮਕਾਜ, ਪੁਲਿਸ ਥਾਣਿਆਂ ਦੇ ਕੰਮਕਾਜ, ਚਿਲਡਰਨ ਹੋਮ, ਬਿਰਧ ਆਸ਼ਰਮ ਅਤੇ ਜ਼ਿਲ੍ਹਾ ਕਾਨੂੰਨੀ ਦੇ ਵੱਖ-ਵੱਖ ਵਿੰਗਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ।
ਸ. ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਨਾਲ ਸ਼੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐਲ.ਐਸ.ਏ., ਰੂਪਨਗਰ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ ਜਿੱਥੇ ਜ਼ਿਲ੍ਹਾ ਰੂਪਨਗਰ ਦੇ 16 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਜਿੱਥੇ ਕਿ ਬੱਚਿਆਂ ਨੂੰ ਰਾਸ਼ਟਰੀ ਕਾਨੂੰਨੀ ਦਿਵਸ ਦੇ ਬਾਰੇ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਪੰਜਾਬ ਵਿੱਚ ਹਾਸ਼ੀਆ ਵਰਗ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜਿਲ੍ਹਾ ਪੱਧਰ ਦੇ ਨਾਲ ਨਾਲ ਰਾਜ ਪੱਧਰ ਤੇ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿੱਚ ਕਦੇ ਵੀ ਸੰਪਰਕ ਕਰਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਕਾਨੂੰਨ ਬਾਰੇ ਜਾਗਰੂਕ ਰਹਿਣ ਬਾਰੇ ਪ੍ਰੇਰਨਾ ਦਿੱਤੀ ਅਤੇ ਅਕਸ਼ਮ ਤੋਂ ਸਕਸ਼ਮ ਪ੍ਰਾਜੈਕਟ ਵਿੱਚ ਹਿੱਸਾ ਲੈਂਦਿਆਂ ਵਿਦਿਆਰਥੀਆਂ ਨੂੰ ਸਮਾਜ ਦਾ ਜਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਵੀ ਦਿੱਤੀ।
ਉਨ੍ਹਾਂ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987 ਨੂੰ ਅਪਣਾਏ ਜਾਣ ਦੀ ਯਾਦ ਵਿੱਚ ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ਹਰ ਸਾਲ 09 ਨਵੰਬਰ ਨੂੰ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ। ਇਹ ਐਕਟ ਅਧਿਕਾਰਤ ਤੌਰ ‘ਤੇ 09 ਨਵੰਬਰ 1995 ਨੂੰ ਲਾਗੂ ਹੋਇਆ ਸੀ ਅਤੇ ਉਦੋਂ ਤੋਂ ਇਸ ਦਿਨ ਨੂੰ ਨਾਗਰਿਕਾਂ ਵਿੱਚ ਕਾਨੂੰਨੀ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਨਾਗਰਿਕਾਂ ਨੂੰ ਇਹ ਅਹਿਸਾਸ ਕਰਵਾਉਣ ਵਿੱਚ ਮਦਦ ਕਰ ਰਿਹਾ ਹੈ ਕਿ ਭਾਵੇਂ ਉਹ ਕਿਸੇ ਵੀ ਪਿਛੋਕੜ ਤੋਂ ਹੋਣ ਜਾਂ ਉਨ੍ਹਾਂ ਦੀ ਪਛਾਣ ਕੋਈ ਵੀ ਹੋਵੇ, ਉਹ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਸਮਾਜ, ਔਰਤਾਂ ਅਤੇ ਘੱਟ ਗਿਣਤੀਆਂ ਦੇ ਲੋਕ ਅਕਸਰ ਕਾਨੂੰਨੀ ਗਿਆਨ ਬਾਰੇ ਬਹੁਤ ਘੱਟ ਜਾਣਕਾਰੀ ਰੱਖਦੇ ਹਨ। ਰਾਸ਼ਟਰੀ ਕਾਨੂੰਨੀ ਸੇਵਾਵਾਂ ਦਿਵਸ ‘ਤੇ ਅਜਿਹੇ ਲੋਕ ਆਪਣੇ ਅਧਿਕਾਰਾਂ ਅਤੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਦੇ ਹਨ ਜਿਨ੍ਹਾਂ ਦਾ ਉਹ ਲਾਭ ਲੈ ਸਕਦੇ ਹਨ।
ਸ਼੍ਰੀਮਤੀ ਰਮੇਸ਼ ਕੁਮਾਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾ ਦੇ ਸ਼ੋਸ਼ਣ ਨੂੰ ਸਿੱਧੇ ਤੌਰ ਤੇ ਨਾਂਹ ਕਹਿਣ ਲਈ ਪ੍ਰੇਰਿਤ ਕੀਤਾ ਅਤੇ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਅਤੇ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ।
ਇਸ ਮੁਹਿੰਮ ਦੀ ਸ਼ੁਰੂਆਤ ਬਾਰੇ ਗੱਲ ਕਰਦਿਆਂ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ, ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਸਮਾਜ ਦੇ ਕਮਜ਼ੋਰ ਵਰਗ, ਔਰਤਾਂ, ਬੱਚਿਆਂ, ਘੱਟ ਆਮਦਨੀ ਵਾਲੇ ਵਰਗ ਨੂੰ ਆਮ ਤੌਰ ‘ਤੇ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੀ ਘਾਟ ਹੈ।
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਉਦੇਸ਼ ਉਹਨਾਂ ਨੂੰ ਇਹਨਾਂ ਸੰਸਥਾਵਾਂ ਬਾਰੇ ਗਿਆਨ ਨਾਲ ਸਸ਼ਕਤ ਕਰਨਾ ਅਤੇ ਉਹਨਾਂ ਨੂੰ ਸਕੂਲਾਂ ਦੇ ਨਾਲ-ਨਾਲ ਸਮਾਜ ਦੇ ਹੋਰ ਵਰਗਾਂ ਦੇ ਬੱਚਿਆਂ ਤੱਕ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਦੱਸਿਆ ਕਿ ਇਹ ਪ੍ਰੋਜੈਕਟ ਕਾਨੂੰਨੀ ਸਾਖਰਤਾ ਨੂੰ ਵਧਾਉਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸ਼ਾਨਦਾਰ ਉਪਰਾਲਾ ਹੈ। ਕਾਨੂੰਨੀ ਸੇਵਾਵਾਂ ਦਿਵਸ ਦੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦਾ ਉਦੇਸ਼ ਨੌਜਵਾਨਾਂ ਨੂੰ ਕਾਨੂੰਨੀ ਹਥਿਆਰਾਂ ਨਾਲ ਲੈਸ ਕਰਨਾ ਅਤੇ ਨੌਜਵਾਨ ਪੀੜ੍ਹੀ ਦੇ ਮੂੰਹ ਰਾਹੀਂ ਮੁਫਤ ਕਾਨੂੰਨੀ ਸਹਾਇਤਾ ਦੀ ਗੱਲ ਫੈਲਾਉਣਾ ਹੈ ਜੋ ਸਾਡੇ ਭਵਿੱਖ ਦੇ ਜਾਣਕਾਰ ਨਾਗਰਿਕ ਹਨ।
ਸਮਾਗਮ ਦੀ ਰਸਮੀ ਸ਼ੁਰੂਆਤ ਕਰਨ ਤੋਂ ਬਾਅਦ, ਕਾਨੂੰਨੀ ਸੇਵਾਵਾਂ ਸੰਸਥਾਵਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸ਼ੇਸ਼ ਸੈਮੀਨਾਰ ਸ੍ਰੀ ਸੁਰਜਨ ਸਿੰਘ, ਪੀ.ਐਲ.ਵੀ. ਅਤੇ ਸ੍ਰੀ ਅਮਨਦੀਪ ਸੈਣੀ, ਡਿਪਟੀ, ਲੀਗਲ ਏਡ ਡਿਫੈਂਸ ਕਾਉਂਸਲ ਸਿਸਟਮ, ਰੂਪਨਗਰ ਦੁਆਰਾ ਲਗਾਇਆ ਗਿਆ।

English






