ਮੁੱਖ ਮੰਤਰੀ ਵੱਲੋਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ’ਚ ਕਟੌਤੀ ਕਰਨ ਦੇ ਕੀਤੇ ਫੈਸਲੇ ਨੂੰ ਕਿਸਾਨਾਂ ਦਾ ਭਰਵਾਂ ਹੁੰਗਾਰਾ

BHAGWANT MANN
ਮੁੱਖ ਮੰਤਰੀ ਵੱਲੋਂ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿੱਚ ਹੋਈਆਂ ਦੋ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ


ਸੂਬੇ ਵਿਚ ਹੁਣ ਤੱਕ ਇੱਕ ਲੱਖ ਤੋਂ ਵੱਧ ਕਿਸਾਨਾਂ ਨੇ ਸਕੀਮ ਦਾ ਲਾਭ ਲਿਆ

ਚੰਡੀਗੜ੍ਹ, 15 ਜੁਲਾਈ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਫੀਸ ਘਟਾਉਣ ਦੇ ਲਏ ਗਏ ਫੈਸਲੇ ਪ੍ਰਤੀ ਹਾਂ-ਪੱਖੀ ਹੁੰਗਾਰਾ ਭਰਦਿਆਂ ਸੂਬੇ ਵਿਚ ਹੁਣ ਤੱਕ ਇਕ ਲੱਖ ਤੋਂ ਵੱਧ ਕਿਸਾਨ ਇਸ ਸਹੂਲਤ ਦਾ ਲਾਭ ਲੈ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਕੁਝ ਦਿਨ ਪਹਿਲਾਂ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ 4750 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘਟਾ ਕੇ 2500 ਰੁਪਏ ਪ੍ਰਤੀ ਹਾਰਸ ਪਾਵਰ ਕਰਨ ਦੇ ਹੁਕਮ ਦਿੱਤੇ ਸਨ।

ਮੁੱਖ ਮੰਤਰੀ ਨੇ ਕਿਹਾ, “ਇਹ ਉਨ੍ਹਾਂ ਲਈ ਬੜੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਤੱਕ ਸੂਬਾ ਭਰ ਦੇ ਇਕ ਲੱਖ ਤੋਂ ਵੱਧ ਕਿਸਾਨਾਂ ਨੇ ਇਸ ਸਕੀਮ ਦਾ ਲਾਭ ਲਿਆ ਹੈ। ਸੂਬਾ ਸਰਕਾਰ ਵਿੱਚ ਭਰੋਸਾ ਜ਼ਾਹਰ ਕਰਨ ਲਈ ਕਿਸਾਨ ਭਰਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਇਸ ਨਾਲ ਉਹ ਬਹੁਤ ਸ਼ੁਕਰਗੁਜ਼ਾਰ ਹਨ ਅਤੇ ਇਸ ਨੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਹੋਰ ਵੀ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਪ੍ਰੇਰਿਤ ਕੀਤਾ ਹੈ।” ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਅਜਿਹੇ ਹੋਰ ਉਪਰਾਲੇ ਜਾਰੀ ਰੱਖੇਗੀ।

ਇਸ ਦੌਰਾਨ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਸੂਬੇ ਦੇ ਕਿਸਾਨਾਂ ਲਈ ਉਨ੍ਹਾਂ ਦੀ ਆਪਣੀ ਸਰਕਾਰ ਵੱਲੋਂ ਇੱਕ ਨਿਮਾਣਾ ਜਿਹੀ ਸੌਗਾਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੁੱਖ ਤੌਰ ‘ਤੇ ਖੇਤੀ ਆਰਥਿਕਤਾ ਵਾਲਾ ਸੂਬਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀ ‘ਤੇ ਨਿਰਭਰ ਹੈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ, ਇਸ ਲਈ ਨੌਜਵਾਨ ਇਸ ਤੋਂ ਦੂਰ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਖੇਤੀ ਲਾਗਤਾਂ ਨੂੰ ਘਟਾ ਕੇ ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸੂਬਾ ਸਰਕਾਰ ਦਾ ਛੋਟਾ ਜਿਹਾ ਕਦਮ ਹੈ। ਉਨ੍ਹਾਂ ਚੇਤੇ ਕੀਤਾ ਕਿ ਪਹਿਲਾਂ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਦਾ ਭੁਗਤਾਨ ਕਰਨ ਵਿੱਚ ਬਹੁਤ ਸਾਰੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਕਾਰਨ ਸੂਬਾ ਸਰਕਾਰ ਨੇ ਇਸ ਵਿੱਚ 50 ਫੀਸਦੀ ਦੇ ਲਗਪਗ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਇਸ ਸਕੀਮ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਅਜਿਹੇ ਹੋਰ ਵੀ ਕਦਮ ਚੁੱਕੇ ਜਾਣਗੇ।

 

ਹੋਰ ਪੜ੍ਹੋ :-  ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸੂਬੇ ਦੀ ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਕੋਲੋਂ ਵੱਡਾ ਆਰਥਿਕ ਪੈਕੇਜ ਮੰਗਿਆ

———