ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੀ ਵਿਚਾਰਧਾਰਾ ਅਤੇ ਸਿੱਖਿਆਵਾਂ ਅਨੁਸਾਰ ਵਿਸ਼ਵ ਭਰ ਵਿੱਚ ਪੰਜਾਬੀਆਂ ਨੇ ਵੱਖ-ਵੱਖ ਦੇਸ਼ਾਂ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਹੈ।
ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਹੁਨਰ ਸਿਖਲਾਈ ਨੂੰ ਉਤਸ਼ਾਹਿਤ ਕਰਨ ਲਈ ਠੋਸ ਉਪਰਾਲੇ ਕਰਨ ਦਾ ਸੰਕਲਪ ਲੈਣ ਕਿਉਂਕਿ ਇਹ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਨਾ ਸਿਰਫ਼ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਵਿੱਚ ਸਹਾਈ ਹੋਵੇਗਾ, ਸਗੋਂ ਵੱਡੇ ਪੱਧਰ ‘ਤੇ ਸੂਬੇ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾਏਗਾ।
ਮੁੱਖ ਮੰਤਰੀ ਨੇ ਆਲਮੀ ਮੰਦੀ ਦੇ ਡਰ ਨੂੰ ਦੂਰ ਕਰਦਿਆਂ ਕਿਹਾ ਕਿ ਜਿੱਥੇ ਵੀ ਪੰਜਾਬੀ ਕੰਮ ਕਰ ਰਹੇ ਹਨ, ਉਥੇ ਆਰਥਿਕ ਮੰਦੀ ਕਦੇ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਮਿਹਨਤੀ ਹਨ ਅਤੇ ਹਰ ਖੇਤਰ ਵਿੱਚ ਨਾਮਣਾ ਖੱਟਣ ਲਈ ਉਨ੍ਹਾਂ ਵਿੱਚ ਬੇਮਿਸਾਲ ਊਰਜਾ ਅਤੇ ਅਥਾਹ ਸਮਰੱਥਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਇਸ ਲਗਨ ਸਦਕਾ ਪੰਜਾਬੀ ਸਖਤ ਮਿਹਨਤ ਕਰਦੇ ਹਨ ਅਤੇ ਇਹ ਯਕੀਨੀ ਬਣਾਉਂਦੇ ਹਨ ਕਿ ਕਿਸੇ ਵੀ ਖੇਤਰ ਵਿੱਚ ਕੋਈ ਮੰਦੀ ਨਾ ਆਵੇ।
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਕਈ ਅਹਿਮ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1 ਜੁਲਾਈ ਤੋਂ ਹਰੇਕ ਬਿੱਲ ਵਿੱਚ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ (72.66 ਲੱਖ) ਵਿੱਚੋਂ 50 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੇ ਉਦੇਸ਼ ਨਾਲ ਇਤਿਹਾਸਕ ਫੈਸਲਾ ਲੈਂਦਿਆਂ ਸੂਬਾ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 2004 ਵਿੱਚ ਬੰਦ ਕਰ ਦਿੱਤੀ ਗਈ ਸੀ ਅਤੇ ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਨਵੀਂ ਪੈਨਸ਼ਨ ਸਕੀਮ ਦਿੱਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੱਖਾਂ ਮੁਲਾਜ਼ਮਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰ ਦਿੱਤੀ ਗਈ ਹੈ ਜਿਸ ਨਾਲ ਲੱਖਾਂ ਮੁਲਾਜ਼ਮਾਂ ਦੇ ਹਿੱਤ ਸੁਰੱਖਿਅਤ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਨਾਲ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਅਤੇ ਪੰਜਾਬ ਮੈਡੀਕਲ ਸਿੱਖਿਆ ਦਾ ਧੁਰਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਕਈ ਲੋਕ ਪੱਖੀ ਅਤੇ ਵਿਕਾਸ ਪੱਖੀ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਹੋਰ ਅਹਿਮ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਧੂਰੀ ਅਤੇ ਸੰਗਰੂਰ ਦੇ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਧੂਰੀ ਵਿਖੇ ਹੈਵੀ ਲਾਇਸੈਂਸਾਂ ਲਈ ਡਰਾਈਵਿੰਗ ਟੈਸਟ ਸੈਂਟਰ ਵੀ ਜਲਦੀ ਚਾਲੂ ਕੀਤਾ ਜਾਵੇਗਾ ਤਾਂ ਜੋ ਇਸ ਮਕਸਦ ਲਈ ਮਾਹੂਆਣਾ ਸੈਂਟਰ ਜਾਣ ਸਮੇਂ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਤੋਂ ਬਚਿਆ ਜਾ ਸਕੇ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਰੇਲਵੇ ਵੱਲੋਂ ਧੂਰੀ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।

English






