ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਸੀਜਨ ਅਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਾਜ਼ਿਲਕਾ, 1 ਅਕਤੂਬਰ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਹੈ ਕਿ ਸਰਕਾਰ ਵੱਲੋਂ ਚਾਲੂ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਪ੍ਸਤਾਵਿਤ 1 ਅਕਤੂਬਰ ਦੀ ਥਾਂ ਹੁਣ 11 ਅਕਤੂਬਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਵਿੱਚ ਝੋਨੇ ਦੇ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਫਸਲ ਵਿੱਚ ਨਮੀ ਦੀ ਮਾਤਰਾ ਵਧੀ ਹੈ, ਜਿਸ ਕਾਰਨ ਹੁਣ ਸਰਕਾਰੀ ਖਰੀਦ 11 ਅਕਤੂਬਰ ਤੋਂ ਹੋਵੇਗੀ।
ਹੋਰ ਪੜ੍ਹੋ :-ਸੋਨੀ ਵਲੋ ਸਿਵਲ ਸਰਜਨਾਂ ਨੂੰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
ਡਿਪਟੀ ਕਮਿਸ਼ਨਰ ਨੇ ਜ਼ਿਲੇ੍ਹ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ੁਰੂ ਹੋਣ ਵਾਲੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਕੀਤੇ ਗਏ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ।ਉਨ੍ਹਾਂ ਦੱਸਿਆ ਕਿ ਝੋਨੇ ਦਾ ਖਰੀਦ ਸੀਜਨ ਜਲਦ ਸ਼ੁਰੂ ਹੋਣ ਵਾਲਾ ਹੈ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਖੇ ਕਿਸਾਨਾਂ ਦੀ ਫਸਲ ਦੀ ਆਮਦ ਦੇ ਨਾਲੋ-ਨਾਲ ਖਰੀਦ ਕੀਤੀ ਜਾਵੇ ਤਾਂ ਜ਼ੋ ਕਿਸਾਨਾਂ ਨੂੰ ਮੰਡੀਆਂ ਵਿਖੇ ਖਜਲ-ਖੁਆਰ ਨਾ ਹੋਣਾ ਪਵੇ। ਇਸ ਤੋਂ ਇਲਾਵਾ ਫਸਲ ਦੀ ਖਰੀਦ ਉਪਰੰਤ ਲਿਫਟਿੰਗ ਅਤੇ ਕਿਸਾਨਾ ਨੂੰ ਫਸਲ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੰਡੀਆਂ ਵਿਖੇ ਬਾਰਦਾਨਾ, ਤਰਪਾਲਾਂ, ਪੱਖਾ, ਬਿਜਲੀ, ਪੀਣ ਵਾਲੇ ਪਾਣੀ, ਪਖਾਣੇ, ਟਰਾਂਸਪੋਰਟ ਅਤੇ ਲੇਬਰ ਦੇ ਪ੍ਰਬੰਧ ਪਹਿਲਾਂ ਤੋਂ ਹੀ ਪੁਖਤਾ ਕਰ ਲਏ ਜਾਣ ਤਾਂ ਜ਼ੋ ਕਿਸੇ ਵੀ ਪੱਖੋਂ ਕਿਸਾਨਾਂ ਨੂੰ ਦਿੱਕਤ ਨਾ ਪੇਸ਼ ਆਵੇ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਦੀ ਕਟਾਈ ਉਪਰੰਤ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਦੀ ਬਜਾਏ ਇਸ ਦੀ ਸਾਂਭ-ਸੰਭਾਲ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜ਼ੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਝੋਨੇ ਦੀ ਪਰਾਲੀ ਨੂੰ ਵੱਖ-ਵੱਖ ਖੇਤੀਬਾੜੀ ਸੰਦਾਂ ਨਾਲ ਜਮੀਨ ਵਿਚ ਹੀ ਮਿਲਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਰਾਹੀਂ ਮੁਹੱਈਆ ਕਰਵਾਏ ਜਾਂਦੇ ਸੰਦਾਂ ਨਾਲ ਝੋਨੇ ਦੀ ਪਰਾਲੀ ਦਾ ਨਿਬੇੜਾ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਭਿਜੀਤ ਕਪਲਿਸ਼, ਵਧੀਕ ਡਿਪਟੀ ਕਮਿਸ਼ਨਰ (ਵਿ) ਸ੍ਰੀ ਸਾਗਰ ਸੇਤੀਆ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫਸਰ ਸ. ਜਸ਼ਨਦੀਪ ਸਿੰਘ, ਖੇਤੀਬਾੜੀ ਅਫਸਰ ਸ੍ਰੀ ਸਰਵਨ ਸਿੰਘ ਮੌਜੂਦ ਸਨ।

English





