ਉੱਚ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 15 ਅਕਤੂਬਰ:
ਪੰਜਾਬ ਦੇ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਡਾ. ਜੋਗਿੰਦਰ ਸਿੰਘ ਪੁਆਰ ਦੀ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਪੁਆਰ ਇੱਕ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸਫ਼ਲ ਪ੍ਰਸ਼ਾਸਕ ਸਨ ਜਿਹਨਾਂ ਨੇ 1993 ਤੋਂ 1999 ਤੱਕ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਜੋਂ ਸੇਵਾਵਾਂ ਨਿਭਾਈਆਂ। ਉਹ ਆਪਣੇ ਪਿੱਛੇ ਪਤਨੀ ਰਤਨੇਸ਼ ਅਤੇ ਬੇਟੀ ਮਨਿੰਦਰ ਛੱਡ ਗਏ।
ਡਾ. ਪੁਆਰ ਦੇ ਦੇਹਾਂਤ ‘ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਉੱਚ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ ਲਈ ਅਰਦਾਸ ਕੀਤੀ।
ਡਾ. ਪੁਆਰਾ ਪੰਜਾਬੀ ਭਾਸ਼ਾ ਦੇ ਵੱਡੇ ਮੁਦੱਈ ਸਨ। ਉਹਨਾਂ ਪੰਜਾਬੀ ਵਿਆਕਰਨ ਬਾਰੇ ਕਈ ਕਿਤਾਬਾਂ ਲਿਖੀਆਂ। ਉਹਨਾਂ ਦੇਸ਼ ਸੇਵਕ ਅਖਬਾਰ ਦੇ ਸੰਪਾਦਕ ਵਜੋਂ ਵੀ ਸੇਵਾਵਾਂ ਨਿਭਾਈਆਂ ਸਨ।