ਸਿਵਲ ਸਰਜਨ ਵਲੋਂ  “ਆਮ ਆਦਮੀ ਕਲੀਨਿਕਾਂ”  ਦਾ ਜਾਇਜ਼ਾ, ਦਿਤੀਆਂ ਜ਼ਰੂਰੀ ਹਦਾਇਤਾਂ

ਬਿਹਤਰ ਸਿਹਤ ਸਹੂਲਤਾਂ ਲਈ ਜਿ਼ਲ੍ਹੇ ਵਿਚ 15 ਅਗੱਸਤ ਤੋਂ ਕਾਰਜਸ਼ੀਲ ਹੋ ਜਾਣਗੇ ਨਵੇਂ—ਨਕੋਰ ਕਲੀਨਿਕਐਸ.ਏ.ਐਸ ਨਗਰ, 18 ਜੁਲਾਈ :-  

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਸ਼ਹਿਰ ਦੇ ਫ਼ੇਜ਼ 5, ਖਰੜ ਦੀ ਛੱਜੂ ਮਾਜਰਾ ਕਾਲੋਨੀ ਅਤੇ ਪਿੰਡ ਜੰਡਪੁਰ ਵਿਖੇ ਨਵੇਂ ਬਣ ਰਹੇ “ਆਮ ਆਦਮੀ ਕਲੀਨਿਕਾਂ”  ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਹਦਾਇਤਾਂ ਦਿਤੀਆਂ।ਉਨ੍ਹਾਂ ਕਲੀਨਿਕਾਂ ਵਿਚ ਡਾਕਟਰਾਂ ਅਤੇ ਮਰੀਜ਼ਾਂ ਦੇ ਬੈਠਣ ਦੀਆਂ ਥਾਵਾਂ, ਲੋਕਾਂ ਨੂੰ ਦਿਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਆਲੇ—ਦੁਆਲੇ ਦੀ ਸਫ਼ਾਈ ਆਦਿ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ ਨੇ ਦਸਿਆ ਕਿ ਸੂਬਾ ਸਰਕਾਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਜਿ਼ਲ੍ਹੇ ਦੇ ਲੋਕਾਂ ਨੂੰ ਬਿਹਤਰ ਤੇ ਸੁਚੱਜੀਆਂ ਸਿਹਤ ਸੇਵਾਵਾਂ ਦੇਣ ਲਈ ਜਿ਼ਲ੍ਹੇ ਵਿਚ ਵੱਖ—ਵੱਖ ਥਾਈਂ 15 ਨਵੇਂ ਸਿਹਤ ਕੇਂਦਰ ਬਣਾਏ ਜਾ ਰਹੇ ਹਨ ਜਿਨ੍ਹਾਂ ਨੂੰ ਸਰਕਾਰ ਵਲੋਂ ਆਮ ਆਦਮੀ ਕਲੀਨਿਕ ਦਾ ਨਾਮ ਦਿਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਲੀਨਿਕਾਂ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਿਥੇ ਕਿਤੇ ਵੀ ਕੋਈ ਕਮੀ ਨਜ਼ਰ ਆ ਰਹੀ ਹੈ, ਉਸ ਨੂੰ ਦੂਰ ਕੀਤਾ ਜਾ ਰਿਹਾ ਹੈ। ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ 13 ਕਲੀਨਿਕ ਆਉਣ ਵਾਲੀ 15 ਅਗਸਤ ਤੋਂ ਚਾਲੂ ਹੋ ਜਾਣਗੇ ਅਤੇ ਬਾਕੀ 2 ਥੋੜੀ ਦੇਰ ਬਾਅਦ ਕਾਰਜਸ਼ੀਲ ਹੋ ਜਾਣਗੇ।ਉਨ੍ਹਾਂ ਦਸਿਆ ਕਿ ਹਰ ਕਲੀਨਿਕ ਵਿੱਚ ਇੱਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕਲ ਅਸਿਸਟੈਂਟ ਅਤੇ ਸਵੀਪਰ ਕਮ ਹੈਲਪਰ ਦਾ ਸਟਾਫ਼ ਹੋਵੇਗਾ। ਕਲੀਨਿਕਾਂ ਵਿੱਚ ਮਰੀਜ਼ਾਂ ਦੇ ਆਧਾਰ ਤੇ ਸਟਾਫ਼ ਨੂੰ ਸੂਚੀਬੱਧ ਕੀਤਾ ਜਾਵੇਗਾ। ਇਹ ਕਲੀਨਿਕ ਆਮ ਬਿਮਾਰੀਆਂ, ਸੱਟਾਂ ਲਈ ਫਸਟ ਏਡ, ਡਰੈਸਿੰਗ ਅਤੇ ਮਾਮੂਲੀ ਜ਼ਖ਼ਮਾਂ ਦਾ ਇਲਾਜ ਕਰਕੇ ਆਊਟਡੋਰ ਮਰੀਜ਼ਾਂ ਨੂੰ ਦੇਖਭਾਲ ਪ੍ਰਦਾਨ ਕਰਨਗੇ। ਇਹਨਾਂ ਕਲੀਨਿਕਾਂ ਰਾਹੀਂ ਵਿਸ਼ੇਸ਼ ਦੇਖਭਾਲ ਲਈ ਰੈਫਰਲ ਅਤੇ ਬਾਅਦ ਵਿੱਚ ਫਾਲੋੑਅੱਪ ਵੀ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਸਿਵਲ ਸਰਜਨ ਨੇ ਪ੍ਰਾਇਮਰੀ ਹੈਲਥ ਸੈਂਟਰ ਚੰਦੋਂ ਦਾ ਅਚਨਚੇਤ ਦੌਰਾ ਕੀਤਾ ਅਤੇ ਸਟਾਫ਼ ਦੀ ਹਾਜ਼ਰੀ ਅਤੇ ਹੋਰ ਜ਼ਰੂਰੀ ਰਜਿਸਟਰ ਚੈਕ ਕਰਨ ਤੋਂ ਇਲਾਵਾ ਲੋਕਾਂ ਨੂੰ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਨਿਰੀਖਣ ਕੀਤਾ।ਉਨ੍ਹਾਂ ਸਟਾਫ਼   ਨੂੰ ਹਦਾਇਤ ਕੀਤੀ ਕਿ  ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਾਈਆਂ ਜਾਣ ਤੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਹੋਣੀ ਚਾਹੀਦੀ। ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਬਜਾਏ ਹਸਪਤਾਲ ਵਿਚ ਹੀ ਉਪਲਭਧ ਦਵਾਈਆਂ ਦਿਤੀਆਂ ਜਾਣ। ਉਨ੍ਹਾਂ ਨਾਲ ਜਿ਼ਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਜਿ਼ਲ੍ਹਾ ਪ੍ਰੋਗਰਾਮ ਮੈਨੇਜਰ ਰਾਜੀਵ ਕੁਮਾਰ ਤੇ ਹੋਰ ਸਿਵਲ ਅਧਿਕਾਰੀ ਮੌਜੂਦ ਸਨ।