ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਸਖਤੀ ਨਾਲ ਕੀਤੀ ਜਾਵੇ ਪਾਲਣਾ – ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਹੋਈ
ਮੀਟਿੰਗ ‘ਚ ਲਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ ‘ਚ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ – ਏ.ਡੀ.ਸੀ.
ਐਸ ਏ ਐਸ ਨਗਰ, 11 ਅਗਸਤ  2021
ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਹਰੇਕ ਵਿਭਾਗ ਸਖਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਰਿਪੋਰਟ ਤੋਂ ਐਨ.ਜੀ.ਟੀ. ਨੂੰ ਜਾਣੂ ਕਰਵਾਉਂਦਾ ਹੈ ਇਸ ਲਈ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਜਾਣੂ ਕਰਵਾਇਆ ਜਾਵੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਦਿਆ ਠੋਸ ਕੂੜਾ ਪ੍ਰਬੰਧਨ, ਮੈਡੀਕਲ ਵੈਸਟ, ਈ-ਵੈਸਟ, ਪਾਣੀ ਦੀ ਬੱਚਤ, ਸੀਵਰੇਜ ਟਰੀਟਮੈਂਟ ਪਲਾਟ, ਆਵਾਜ਼ ਪ੍ਰਦੂਸ਼ਣ ਲਈ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਹਰੇਕ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਨਿਭਾਵੇ ਅਤੇ ਜੇਕਰ ਇਸ ਸਬੰਧੀ ਕਿਸੇ ਪ੍ਰਕਾਰ ਦੀ ਢਿੱਲ ਪਾਈ ਜਾਂਦੀ ਹੈ ਤਾਂ ਉਸ ਵਿਭਾਗ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਿਮਾਂਸ਼ੂ ਅਗਰਵਾਲ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਯਕੀਨੀ ਬਣਾਇਆ ਜਾਵੇ ਤਾਂ ਜੋ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਰਾਹੀਂ ਕੀਤੇ ਗਏ ਕੰਮ ਸਬੰਧੀ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ।
ਇਸ ਮੌਕੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਹਾਜਰ ਸਨ।