ਐਸ.ਏ.ਐਸ ਨਗਰ, 01 ਜੂਨ 2021
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਚਿੰਤਾਜਨਕ ਹੱਦ ਤੱਕ ਪਹੁੰਚ ਚੁੱਕੀ ਹੈ ਜਿਸ ਨੂੰ ਮੱਦੇ ਨਜ਼ਰ ਰੱਖਦੇ ਹੋਏ ਕ੍ਰਿਸ਼ੀ ਵਿਗਿਆਨ ਕੇਂਦਰ, ਐਸ.ਏ.ਐਸ. ਨਗਰ (ਮੋਹਾਲੀ) ਦੁਆਰਾ ਪਿੰਡ ਲਖਨੌਰ ਵਿਖੇ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਦਾ ਉਦੇਸ਼ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨਾ ਸੀ।
ਇਸ ਸਿਖਲਾਈ ਕੋਰਸ ਦੋਰਾਨ ਵੱਖ-ਵੱਖ ਪਿੰਡਾਂ ਦੇ 15 ਕਿਸਾਨਾਂ ਨੇ ਹਿੱਸਾ ਲਿਆ।ਪ੍ਰੋਗਰਾਮ ਦੌਰਾਨ ਡਾ. ਪਰਮਿੰਦਰ ਸਿੰਘ (ਸਹਿਯੋਗੀ ਡਾਇਰੈਕਟਰ, ਕੇ.ਵੀ.ਕੇ) ਨੇ ਦੱਸਿਆ ਕਿ ਕੰਢੀ ਇਲਾਕਾ ਹੋਣ ਕਰਕੇ ਮੋਹਾਲੀ ਜਿਲ੍ਹੇ ਦੇ ਪਾਣੀ ਦਾ ਪੱਧਰ ਕਾਫ਼ੀ ਨੀਵਾਂ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦਾ ਪੱਧਰ ਹੋਰ ਨੀਵਾਂ ਹੋਣ ਤੋਂ ਬਚਾਇਆ ਜਾ ਸਕਦਾ ਹੈ।ਝੋਨੇ ਦੀ ਸਿੱਧੀ ਬਿਜਾਈ ਨਾਲ 15-20% ਪਾਣੀ ਦੀ ਬੱਚਤ ਹੁੰਦੀ ਹੈ। ਉਹਨਾਂ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ (ਪੀ ਆਰ 126 ਅਤੇ ਪੂਸਾ ਬਾਸਮਤੀ 1509) ਬੀਜਣ ਦੀ ਸਲਾਹ ਦਿੱਤੀ ਜੋ ਕਿ ਤੇਜ਼ੀ ਨਾਲ ਵੱਧਦੀਆਂ ਹਨ ਅਤੇ ਇਹਨਾਂ ਵਿੱਚ ਪਾਣੀ ਦੀ ਖਪਤ ਘੱਟ ਹੁੰਦੀ ਹੈ।ਉਹਨਾਂ ਦੱਸਿਆ ਕਿ ਬਿਜਾਈ ਤੋਂ ਪਹਿਲਾਂ ਲੇਜ਼ਰ ਕਰਾਹੇ ਨਾਲ ਖੇਤ ਨੂੰ ਪੱਧਰਾ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੀ ਸੰਜਮਤਾ ਨਾਲ ਵਰਤੋਂ ਹੋ ਸਕੇ ਅਤੇ ਝੋਨੇ ਦੇ ਬੀਜਾਂ ਦਾ ਸਹੀ ਪੁੰਗਾਰਾ ਹੋ ਸਕੇ।
ਇਸ ਮੌਕੇ ਤੇ ਸਹਾਇਕ ਪ੍ਰੋਫੈਸਰ ਡਾ. ਹਰਮੀਤ ਕੌਰ ਨੇ ਦੱਸਿਆ ਕਿ ਸਿੱਧੀ ਬਿਜਾਈ ਲਈ ਜੂਨ ਦਾ ਪਹਿਲਾ ਪੰਦਰਵਾੜਾ ਢੁੱਕਵਾਂ ਹੈ ਅਤੇ ਜੇਕਰ ਸੰਭਵ ਹੋ ਸਕੇ ਤਾਂ ਲੱਕੀ ਸੀਡ ਡਰਿੱਲ ਜਿਹੜੀ ਕਿ ਝੋਨੇ ਦੀ ਬਿਜਾਈ ਅਤੇ ਨਦੀਨ ਨਾਸ਼ਕ ਸਪਰੇਅ ਨਾਲੋਂ ਨਾਲ ਕਰਦੀ ਹੈ, ਨੂੰ ਤਰਜੀਹ ਦੇਣੀ ਚਾਹੀਦੀ ਹੈ।ਉਹਨਾਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ ਵਿੱਚ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਦੱਸਿਆ ਕਿ ਕੱਦੂ ਕੀਤੇ ਖੇਤ ਨਾਲੋਂ ਸਿੱਧੀ ਬਿਜਾਈ ਵਾਲੇ ਖੇਤ ਵਿੱਚ ਬਿਮਾਰੀਆਂ ਦਾ ਹਮਲਾ ਕਾਫ਼ੀ ਘੱਟ ਹੁੰਦਾ ਹੈ।ਪ੍ਰੋਗਰਾਮ ਦੌਰਾਨ ਕੇ.ਵੀ.ਕੇ. ਮਾਹਿਰਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਪ੍ਰਤੀ ਉਤਸ਼ਾਹਿਤ ਕਰਨ ਲਈ ਪੀ.ਆਰ. 126 ਕਿਸਮ ਦੇ ਬੀਜ ਅਤੇ ਨਦੀਨ ਨਾਸ਼ਕ ਵੰਡੇ।
ਕਿਸਾਨਾਂ ਨੇ ਕੇ.ਵੀ.ਕੇ. ਮਾਹਿਰਾਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਕਰਨ ਦਾ ਨਿਸ਼ਚਾ ਕੀਤਾ।

English






