ਵਿਧਾਇਕ ਵਲੋਂ ਪੇਂਡੂ ਖੇਤਰ ਵਿੱਚ ਉਸਾਰੀ ਅਧੀਨ ਕਾਰਜਾਂ ਨੂੰ ਤੈਅ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਦੀ ਹਦਾਇਤ
ਰੂਪਨਗਰ, 14 ਦਸੰਬਰ 2022
ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਮੀਟਿੰਗ ਵਿੱਚ ਵਿਧਾਇਕ ਰੂਪਨਗਰ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਜਿਸ ਦੇ ਚਲਦਿਆਂ ਰੂਪਨਗਰ ਬਲਾਕ ਵਿੱਚ 10 ਨਵੇਂ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਸਾਰੀ ਦਾ ਕੰਮ ਸਮਾਂਬੱਧ ਸੀਮਾ ਵਿੱਚ ਕੀਤਾ ਜਾਵੇ।
ਹੋਰ ਪੜ੍ਹੋ – ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬੁੱਢੇ ਨਾਲੇ ਦੇ ਆਲੇ-ਦੁਆਲੇ ਦੀ ਹੱਦਬੰਦੀ ਨੂੰ ਇੱਕ ਹਫ਼ਤੇ ‘ਚ ਕਰ ਲਿਆ ਜਾਵੇਗਾ ਮੁਕੰਮਲ
ਮੀਟਿੰਗ ਦੀ ਅਗਵਾਈ ਕਰਦਿਆਂ ਐਡਵੋਕੇਟ ਚੱਢਾ ਨੇ ਜ਼ਿਲ੍ਹੇ ਵਿੱਚ ਦਿਹਾਤੀ ਇਲਾਕਿਆਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੇਂਡੂ ਖੇਤਰ ਵਿੱਚ ਉਸਾਰੀ ਅਧੀਨ ਕਾਰਜਾਂ ਨੂੰ ਤੈਅ ਮਾਪਦੰਡਾਂ ਅਨੁਸਾਰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।
ਵਿਧਾਇਕ ਚੱਢਾ ਨੇ ਦੱਸਿਆ ਕਿ ਰੂਪਨਗਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ 5 ਨਵੇਂ ਪਾਰਕਾਂ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਠੋਸ ਕੂੜਾਂ ਪ੍ਰਬੰਧਨ ਨੂੰ ਯਕੀਨੀ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਸੂਬੇ ਦੇ ਪਿੰਡਾਂ ਦੇ ਵਾਤਾਵਰਨ ਨੂੰ ਸੁਰੱਖਿਅਤ ਕੀਤਾ ਜਾ ਸਕੇ ਅਤੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਆਮ ਲੋਕਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੋਂ ਮਗਨਰੇਗਾ ਦੇ ਕਾਰਜਾਂ ਅਤੇ ਮੁਕੰਮਲ ਹੋ ਚੁੱਕੇ ਕਾਰਜਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਅਤੇ ਉਹਨਾਂ ਦੇ ਕੰਮਾਂ ਦੀ ਸ਼ਨਾਖ਼ਤ ਵੀ ਕੀਤੀ ਜੋ ਮਗਨਰੇਗਾ ਦੀ ਕੰਨਵਰਜੈਂਸ ਨਾਲ ਕਰਵਾਏ ਜਾ ਸਕਦੇ ਹਨ। ਵਿਧਾਇਕ ਚੱਢਾ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਸਬੰਧੀ ਸਮੀਖਿਆ ਕੀਤੀ ਗਈ ਤੇ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਯਕੀਨੀ ਬਣਾਉਣ ਲਈ ਕਿਹਾ ਗਿਆ।
ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਯਕੀਨੀ ਬਣਾਈ ਜਾਵੇ ਅਤੇ ਵਿਕਾਸ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ. ਅਮਰਦੀਪ ਸਿੰਘ ਗੁਜਰਾਲ, ਐਕਸੀਅਨ ਪੰਚਾਇਤੀ ਰਾਜ ਕੰਵਲਪ੍ਰੀਤ ਸਿੰਘ, ਬੀ.ਡੀ.ਪੀ.ਓ ਰੂਪਨਗਰ ਸ. ਜਸਤਿੰਦਰ ਸਿੰਘ, ਮਗਨਰੇਗਾ ਸਹਾਇਕ ਪ੍ਰੋਗਰਾਮ ਅਫਸਰ ਸ਼੍ਰੀ ਗਣੇਸ਼ ਪਰੋਹਿਤ ਤੇ ਸ ਮਨਿੰਦਰ ਸਿੰਘ, ਸਹਾਇਕ ਇੰਜੀਨੀਅਰ ਸ. ਦਿਲਪ੍ਰੀਤ ਸਿੰਘ ਤੇ ਸ. ਹਰਿੰਦਰ ਸਿੰਘ ਗਿੱਲ, ਸ਼ਿਵ ਕੁਮਾਰ ਲਾਲਪੁਰਾ, ਸੁੱਚਾ ਸਿੰਘ, ਸੁਖਦੇਵ ਸਿੰਘ, ਹਰਪਾਲ ਸਿੰਘ, ਐਡਵੋਕੇਟ ਸਤਨਾਮ ਸਿੰਘ ਗਿੱਲ ਅਤੇ ਪੰਚਾਇਤ ਸਕੱਤਰ ਹਾਜ਼ਰ ਸਨ।

English




