ਵਿਧਾਇਕ ਮਦਨ ਲਾਲ ਬੱਗਾ ਵੱਲੋਂ ਜੂਹੀ ਐਨਕਲੇਵ ‘ਚ ਨਵੀਆਂ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤ

– ਕਿਹਾ! 80 ਲੱਖ ਰੁਪਏ ਦੀ ਲਾਗਤ ਨਾਲ ਵਸਨੀਕਾਂ ਲਈ ਬਣਾਈਆਂ ਜਾਣਗੀਆਂ ਨਵੀਆਂ ਸੜ੍ਹਕਾਂ

ਲੁਧਿਆਣਾ, 05 ਜੁਲਾਈ (000) – ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ੍ਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਜੂਹੀ ਐਨਕਲੇਵ ਹੈਬੋਵਾਲ ਵਿਖੇ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ।

ਇਲਾਕਾ ਨਿਵਾਸੀਆਂ ਨਾਲ ਸਾਂਝੇ ਤੌਰ ‘ਤੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਇਨ੍ਹਾਂ ਨਵੀਆਂ ਸੜਕਾਂ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਹ ਇਲਾਕਾ ਕਰੀਬ ਇਕ ਦਹਾਕੇ ਤੋਂ ਵਿਕਾਸ ਕਾਰਜਾਂ ਤੋਂ ਵਾਂਝਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜ੍ਹਕਾਂ ਦੀ ਗੁਣਵੱਤਾ ‘ਤੇ ਵਿਸ਼ੇਸ਼ ਤਵੱਜੋ ਦਿੰਦਿਆਂ ਇਸ ਪ੍ਰਾਜੈਕਟ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਮੁਕੰਮਲ ਕੀਤਾ ਜਾਵੇ।

ਵਿਧਾਇਕ ਨੇ ਅੱਗੇ ਕਿਹਾ ਕਿ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸਮੁੱਚੇ ਪ੍ਰੋਜੈਕਟ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜੂਹੀ ਐਨਕਲੇਵ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।

ਰਿਹਾਇਸ਼ੀ ਕਲੋਨੀਆਂ ਵਿੱਚ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਣਗੋਲਿਆ ਕੀਤੇ ਗਏ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਗਈ ਹੈ।

 

ਹੋਰ ਪੜ੍ਹੋ :- ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵੈਬਕਸ ਐਪ ਰਾਹੀ, ਜ਼ਿਲ੍ਹਾ ਵਾਸੀ ਆਪਣੇ ਘਰੋਂ ਹੀ ਆਪਣੀਆਂ ਮੁਸ਼ਕਿਲਾਂ/ਸ਼ਿਕਾਇਤਾਂ ਦੱਸ ਸਕਦੇ ਹਨ