ਤੇਜ਼ੀ ਨਾਲ ਫੈਲ ਰਿਹੈ ਕੋਵਿਡ ਦਾ ਨਵਾਂ ਸਰੂਪ, ਸਾਰੀਆਂ ਸਾਵਧਾਨੀਆਂ ਵਰਤਣ ਦੀ ਲੋੜ : ਸਿਵਲ ਸਰਜਨ

Adarshpal Kaur
New Covid variant very infectious, all need to take precautions: Civil Surgeon
ਕੋਵਿਡ ਤੋਂ ਬਚਾਅ ਲਈ ਲੋਕ ਵੀ ਅਪਣੀ ਜ਼ਿੰਮੇਵਾਰੀ ਸਮਝਣ : ਡਾ. ਆਦਰਸ਼ਪਾਲ ਕੌਰ
ਜ਼ਿਲ੍ਹੇ ’ਚ ਕੋਵਿਡ ਸੈਂਪਲਿੰਗ ਅਤੇ ਟੀਕਾਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ
ਐੱਸ.ਏ.ਐੱਸ ਨਗਰ 6 ਜਨਵਰੀ 2022
ਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਮੁੜ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19 ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਇਸ ਬੀਮਾਰੀ ’ਤੇ ਕਾਬੂ ਪਾਉਣ ਲਈ ਪੂਰੀ ਜੱਦੋਜਹਿਦ ਕਰ ਰਿਹਾ ਹੈ ਪਰ ਲੋਕਾਂ ਨੂੰ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦਾ ਨਵਾਂ ਸਰੂਪ ‘ਓਮੀਕਰੌਨ’ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ, ਪਰ ਇਸ ਤੋਂ ਘਬਰਾਉਣ ਦੀ ਬਜਾਏ ਸਾਰੇ ਲੋਕਾਂ ਨੂੰ ਉਕਤ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਾਰੇ ਲਾਭਪਾਤਰੀਆਂ ਜਿਨ੍ਹਾਂ ਵਿਚ ਹੁਣ 15 ਤੋਂ 18 ਸਾਲ ਤਕ ਦੇ ਨੌਜਵਾਨ ਵੀ ਸ਼ਾਮਲ ਹਨ, ਨੂੰ ਮੁਕੰਮਲ ਟੀਕਾਕਰਨ ਕਰਵਾਉਣ ਦੀ ਲੋੜ ਹੈ। ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ।

ਹੋਰ ਪੜ੍ਹੋ :-ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਬੁਣੇ ਜਾਲ ‘ਚ ਆਪ ਹੀ ਫਸਦੀ ਜਾ ਰਹੀ ਹੈ : ਜਗਦੀਪ ਚੀਮਾ  

ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੇ ਮੁਕਾਬਲੇ ਲਈ ਪਹਿਲਾਂ ਹੀ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ। ਜਿਥੇ ਵੱਖ-ਵੱਖ ਥਾਈਂ ਕੋਵਿਡ ਸੈਂਪਲਿੰਗ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਕੋਵਿਡ ਟੀਕਾਕਰਨ ਦੇ ਕੰਮ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਬੈੱਡਾਂ ਦੀ ਗਿਣਤੀ ਵੀ ਕਾਫ਼ੀ ਵਧਾ ਦਿਤੀ ਗਈ ਹੈ। ਸਿਵਲ ਸਰਜਨ ਨੇ ਆਖਿਆ ਕਿ ਇਸ ਬੀਮਾਰੀ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤ ਕੇ ਖ਼ੁਦ ਨੂੰ ਅਤੇ ਸਮਾਜ ਨੂੰ ਬਚਾਉਣ ਦੀ ਲੋੜ ਹੈ।
ਸਿਵਲ ਸਰਜਨ ਨੇ ਦੁਹਰਾਇਆ ਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ  ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ। ਉਨ੍ਹਾਂ ਇਹ ਵੀ ਕਿਹਾ ਕਿ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।