ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਵਾਤਾਵਰਨ ਦੀ ਸੰਭਾਲ ਸਾਡਾ ਮੁੱਢਲਾ ਫਰਜ਼ – ਰਣਬੀਰ ਸਿੰਘ ਭੁੱਲਰ

ਫਸਲਾਂ ਦੀ ਰਹਿੰਦ-ਖੂਹਿੰਦ ਨੂੰ ਅੱਗ ਨਾ ਲਾ ਕੇ ਆਧੂਨਿਕ ਮਸ਼ੀਨਰੀ ਨਾਲ ਨਿਪਟਾਰਾ ਕੀਤਾ ਜਾਵੇ – ਭੁੱਲਰ

ਫਿਰੋਜ਼ਪੁਰ, 6 ਅਕਤੂਬਰ :- 

            ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਆਤਮਾ ਦੇ ਸਹਿਯੋਗ ਨਾਲ ਹਾੜ੍ਹੀ 2022 ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਦੇ ਪਿਤਾ ਸ੍ਰੀ ਉਦੈ ਦਹੀਆ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

            ਇਸ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਨੇ ਕੀਤਾ। ਕੈਂਪ ਦੀ ਅਗਵਾਈ ਸਯੁੰਕਤ ਡਾਇਰੈਕਟਰ (ਇਨਪੁਟਸ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਸ. ਜਸਵਿੰਦਰ ਸਿੰਘ ਗਰੇਵਾਲ ਵੱਲੋਂ ਕੀਤੀ ਗਈ।

           ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਡਾ. ਤੇਜਪਾਲ ਸਿੰਘ ਨੇ ਮੁੱਖ ਮਹਿਮਾਨ ਤੇ ਕਿਸਾਨਾਂ ਨੂੰ ਜੀ ਆਇਆਂ ਕਹਿੰਦਿਆਂ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਸਬੰਧੀ ਜਾਗਰੂਕ ਕਰਨ ਲਈ ਸਾਲ 2022-23 ਦੌਰਾਨ 349 ਕੈਂਪ ਲਗਾਏ ਗਏ ਹਨ। ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਲਈ 2332 ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਤੇ ਮਹੁੱਈਆਂ ਕਰਵਾਈਆਂ ਗਈਆਂ ਹਨ।

            ਜ਼ਿਲ੍ਹੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਫਿਰੋਜ਼ਪੁਰ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਮਿਲ ਜੁਲ ਕੇ ਯਤਨ ਕਰਨ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ-ਸੁਥਰਾ ਤੇ ਹਰਿਆ ਭਰਿਆ ਰੱਖਣ ਵਿੱਚ ਆਪੋ-ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਹਤਮੰਦ ਵਾਤਾਵਰਣ ਦੇ ਸਕੀਏ । ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਉਦੇਸ਼ ਵੀ “ਪਰਾਲੀ ਪ੍ਰਬੰਧਨ ਅਪਣਾਉਣਾ ਅਤੇ ਵਾਤਾਵਰਣ ਬਚਾਉਣਾ ਹੈ “। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਵਾਤਾਵਰਣ ਬਚਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਫਸਲ ਦੀ ਰਹਿੰਦ-ਖੂਹਿੰਦ ਨੂੰ ਕਦੇ ਵੀ ਅੱਗ ਨਹੀਂ ਲਗਾਉਣੀ ਚਾਹੀਦੀ ਕਿਉਂਕਿ ਇਸ ਨਾਲ ਸਾਡੇ ਮਿੱਤਰ ਕੀਟ ਮਰਦੇ ਹਨ, ਸੜਕੀ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਦਾ ਹੈ, ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਸਾਹ ਤੇ ਹੋਰ ਕਈ ਬਿਮਾਰੀਆਂ ਪੈਦਾ ਹੁੰਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੋਂ ਸਲਾਹ ਲੈਣ।

             ਇਸ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਵੱਖ-ਵੱਖ ਖੇਤੀ ਮਾਹਰਾਂ ਵੱਲੋਂ ਕਿਸਾਨਾਂ ਨੂੰ ਸਬਜ਼ੀਆਂ ਅਤੇ ਫਲਾਂ ਦੀ ਸੁਚੱਜੀ ਕਾਸ਼ਤ, ਜੈਵਿਕ ,ਕੁਦਰਤੀ ਖੇਤੀ, ਜ਼ਮੀਨ ਦੀ ਸਿਹਤ ਅਤੇ ਮਿੱਟੀ-ਪਾਣੀ ਟੈਸਟਿੰਗ ਬਾਰੇ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਕੀੜੇ-ਮਕੌੜੇ ਅਤੇ ਬਿਮਾਰੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਾ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਗਿਆ।

            ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ‘ਤੇ ਖੇਤੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ ਜਿਸ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਕੇ ਅਤੇ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਵਲੋਂ ਕਿਸਾਨਾਂ ਦਾ ਵਿਸ਼ੇਸ਼ ਧਿਆਨ ਰਿਹਾ। ਇਸ ਮੌਕੇ ਕਿਸਾਨਾਂ ਨੂੰ ਹਾੜ੍ਹੀ ਦੀਆਂ  ਫਸਲਾਂ ਸਬੰਧੀ ਖੇਤੀ ਸਾਹਿਤ ਵੀ ਮੁਫਤ ਵੰਡਿਆ ਗਿਆ।

            ਇਸ ਕੈਂਪ ਮੌਕੇ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ, ਖੇਡੀਬਾੜੀ ਇੰਜੀਨੀਅਰ ਅਬੈਜੀਤ ਸਿੰਘ ਧਾਲੀਵਾਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਵੰਤ ਸਿੰਘ, ਡਾ. ਅਮਿਤ ਪੁੰਜ, ਡਾ. ਸੁਖਪ੍ਰੀਤ ਸਿੰਘ, ਪ੍ਰੋਜੈਕਟਰ ਡਾਇਰੈਕਟਰ ਆਤਮਾ ਸ੍ਰੀ ਸਾਵਨਦੀਪ ਸ਼ਰਮਾ, ਜਗਦੀਪ ਸਿੰਘ ਸੰਧੂ, ਰਾਜ ਬਹਾਦੁਰ, ਨੇਕ ਪ੍ਰਤਾਪ ਸਿੰਘ, ਗੁਰਜੀਤ ਸਿੰਘ ਚੀਮਾ, ਜਗਜੀਤ ਸਿੰਘ, ਬਲਦੇਵ ਸਿੰਘ ਮੱਲੀ, ਬਲਰਾਜ ਸਿੰਘ ਕਟੋਰਾ, ਕਿੱਕਰ ਸਿੰਘ ਕੁੱਤਬੇਵਾਲਾ ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ / ਕਰਮਚਾਰੀ ਹਾਜ਼ਰ ਸਨ।

 

ਹੋਰ ਪੜ੍ਹੋ :-  ਸਿਹਤ ਮੰਤਰੀ ਨੇ 15 ਕਰੋੜ ਦੀ ਲਾਗਤ ਵਾਲੀ ਸਪੈਕਟ-ਸੀ ਟੀ ਅਤੇ ਪੈਟ-ਸੀ ਟੀ ਖਰੀਦਣ ਦੀ ਦਿੱਤੀ ਪ੍ਰਵਾਨਗੀ