-ਸਬ ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਡੇਂਗੂ ਦੇ ਖਾਤਮੇ ਲਈ ਚੁੱਕਣ ਲੋੜੀਂਦੇ ਕਦਮ
-ਫੌਗਿੰਗ ਯਕੀਨੀ ਬਣਾਉਣ ਦੀ ਕੀਤੀ ਹਦਾਇਤ
-ਆਉਣ ਵਾਲੇ 15 ਦਿਨਾਂ ‘ਚ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ
ਪਟਿਆਲਾ, 28 ਅਕਤੂਬਰ :-
ਪਟਿਆਲਾ ਜ਼ਿਲ੍ਹੇ ਵਿਚ ਡੇਂਗੂ ਕੇਸਾਂ ਦੀ ਸਥਿਤੀ ਬਾਰੇ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਪ੍ਰੀਤ ਸਿੰਘ ਥਿੰਦ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਲਈ ਗਈ ਜਿਸ ਵਿੱਚ ਜ਼ਿਲ੍ਹੇ ਦੇ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਡੇਂਗੂ ਉਤੇ ਕਾਬੂ ਪਾਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਾਅ ਸਬੰਧੀ ਲੋਕਾਂ ਨੂੰ ਸੁਚੇਤ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਡੇਂਗੂ ਉਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ 15 ਦਿਨ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ ਅਤੇ ਡੇਂਗੂ ਫੈਲਣ ਵਾਲੇ ਸੰਭਾਵਤ ਖੇਤਰਾਂ ਵਿੱਚ ਫੌਗਿੰਗ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੇ ਖਾਤਮੇ ਲਈ ਸਾਰੇ ਵਿਭਾਗਾਂ ਨੂੰ ਮਿਲਕੇ ਕੰਮ ਕਰਨ ਦੀ ਜ਼ਰੂਰਤ ਹੈ।
ਗੁਰਪ੍ਰੀਤ ਸਿੰਘ ਥਿੰਦ ਨੇ ਐਸ.ਡੀ.ਐਮਜ਼ ਨੂੰ ਸਬ ਡਵੀਜ਼ਨ ਪੱਧਰ ਉਤੇ ਡੇਂਗੂ ਦੇ ਖਾਤਮੇ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਦੇ ਕੇਸਾਂ ਨੂੰ ਠੱਲ ਪਾਉਣ ਲਈ ਫੌਗਿੰਗ ਹੋਰ ਤੇਜ਼ ਕਰਨ ਲਈ ਕਿਹਾ। ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਇਸ ਸਬੰਧੀ ਹਸਪਤਾਲਾਂ ਵਿੱਚ ਦਵਾਈ ਵੀ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ।
ਮੀਟਿੰਗ ‘ਚ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਡਾ. ਸੁਮੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

English






