ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪਹਿਲਕਦਮੀ ਮਿਸ਼ਨ ਫ਼ਤਿਹ 2.0 ਦੇ ਅੱਠ ਦਿਨਾਂ ਦੌਰਾਨ, ਆਸ਼ਾ ਵਰਕਰਾਂ ਵੱਲੋਂ 1.95 ਕਰੋੜ ਦੀ ਆਬਾਦੀ ਵਾਲੇ ਕੁੱਲ 51.6 ਲੱਖ ਘਰਾਂ ਦਾ ਸਰਵੇਖਣ ਕੀਤਾ ਗਿਆ।

MISSION FATEH
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਾਂ ਨੇ ਸਿਹਤ ਵਿਭਾਗ ‘ਤੇ ਭਰੋਸਾ ਜਤਾਇਆ ਹੈ ਅਤੇ ਕੋਵਿਡ -19 ਦੇ ਸ਼ੁਰੂਆਤੀ ਪੜਾਅ ਦੌਰਾਨ ਇਲਾਜ ਕਰਵਾਉਣ ਲਈ ਟੈਸਟ ਕਰਵਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਕ੍ਰੀਨਿੰਗ ਡਰਾਈਵ ਤਹਿਤ ਕੋਵਿਡ -19 ਲਈ ਕੁੱਲ 1,37,281 ਵਿਅਕਤੀਆਂ ਦਾ ਟੈਸਟ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 4654 ਦਾ ਟੈਸਟ ਪਾਜ਼ੇਟਿਵ ਪਾਇਆ ਗਿਆ ਹੈ।
ਘਰੇਲੂ ਇਕਾਂਤਵਾਸ ਵਾਲੇ ਸਾਰੇ 4095 ਮਰੀਜ਼ਾਂ ਨੂੰ ਮਿਸ਼ਨ ਫ਼ਤਿਹ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਦਕਿ 559 ਮਰੀਜ਼ਾਂ ਨੂੰ ਐਲ 2 / ਐਲ 3 ਦੀ ਸਹੂਲਤ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੁੱਲ 246 ਗਰਭਵਤੀ ਔਰਤਾਂ ਨੂੰ ਕੋਵਿਡ ਪਾਜ਼ੇਟਿਵ ਪਾਇਆ ਗਿਆ ਹੈ। ਇਨ੍ਹਾਂ ਗਰਭਵਤੀ ਔਰਤਾਂ ਦੀ ਰੋਜ਼ਾਨਾ ਨਿਗਰਾਨੀ ਰਾਜ ਦੇ ਮੁੱਖ ਦਫ਼ਤਰ ਵੱਲੋਂ ਕੀਤੀ ਜਾ ਰਹੀ ਹੈ।
ਕੋਵਿਡ ਪਾਜ਼ੇਟਿਵ ਗਰਭਵਤੀ ਔਰਤਾਂ ਲਈ ਅੱਜ ਇਕ ਵਿਸ਼ੇਸ਼ ਹੈਲਪਲਾਈਨ ਨੰਬਰ (0172-2744041, 2744040) ਸ਼ੁਰੂ ਕੀਤਾ ਗਿਆ ਹੈ ਜੋ ਰੋਜਾਨਾ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹੇਗਾ।
ਕੋਵਿਡ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਅੱਜ ਤੱਕ ਪੰਜਾਬ ਵਿੱਚ 3724 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 6797 ਮਰੀਜ਼ ਠੀਕ ਹੋਏ ਹਨ ਜਦੋਂਕਿ ਕੋਵਿਡ ਦੇ 148 ਮਰੀਜ਼ਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।