ਲੋਕ ਨਿਰਮਾਣ ਵਿਭਾਗ ਦੇ ਗਰੁੱਪ ਏ ਅਧਿਕਾਰੀਆਂ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 70 ਲੱਖ ਰੁਪਏ ਦਾ ਯੋਗਦਾਨ ਦਿੱਤਾ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ, 30 ਮਾਰਚ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਇਕ ਹਫ਼ਤੇ ਦੀ ਤਨਖ਼ਾਹ ਦੇਣ ਵਾਲੇ ਵਿਭਾਗ ਦੇ ਗਰੁੱਪ ਏ ਇੰਜਨੀਅਰਾਂ ਤੇ ਆਰਕੀਟੈਕਟਾਂ ਦਾ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਧਿਕਾਰੀਆਂ ਨੇ ਤਕਰੀਬਨ 70 ਲੱਖ ਰੁਪਏ ਦਾ ਯੋਗਦਾਨ ਦਿੱਤਾ, ਜਿਹੜਾ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਹੋਰ ਕਰਮਚਾਰੀਆਂ ਨੂੰ ਵੀ ਇਸ ਰਾਹ ਉਤੇ ਚੱਲ ਕੇ ਇਸ ਫੰਡ ਵਿੱਚ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ ਰਾਹਤ ਫੰਡ ਦੇ ਖਾਤੇ ਵਿੱਚ ਵੱਖ ਵੱਖ ਇਲੈਕਟ੍ਰਾਨਿਕ ਮਾਧਿਅਮਾਂ ਰਾਹੀਂ ਦਾਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਫੰਡ ਲਈ ਦਾਨ ਖਾਤਾ ਨੰਬਰ  50100333026124, ਆਈ.ਐਫ.ਐਸ.ਸੀ. ਕੋਡ HDFC@@@@BAC , ਸਵਿਫਟ ਕੋਡ: HDFCINBB ਅਤੇ ਬਰਾਂਚ ਕੋਡ 0213 ਵਿੱਚ ਦਿੱਤਾ ਜਾ ਸਕਦਾ ਹੈ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਵਾਰਡ ਪੱਧਰ ਉਤੇ ਪਹਿਲਾਂ ਹੀ ਮਜ਼ਦੂਰਾਂ, ਦਿਹਾੜੀਦਾਰਾਂ ਤੇ ਹੋਰ ਲੋੜਵੰਦਾਂ ਨੂੰ ਮੁਫ਼ਤ ਰਾਸ਼ਨ ਵੰਡ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਬਾਹਰ ਨਾ ਨਿਕਲਣ ਕਿਉਂਕਿ ਸੂਬਾ ਸਰਕਾਰ ਲਾਜ਼ਮੀ ਵਸਤਾਂ ਦੀ ਘਰ ਘਰ ਸਪਲਾਈ ਯਕੀਨੀ ਬਣਾ ਰਹੀ ਹੈ।