ਸਕੂਲ ਸਿੱਖਿਆ ਵਿਭਾਗ ਵੱਲੋਂ ਗੰਗਾ ਕਵਿਜ਼ ਮੁਕਾਬਲਿਆਂ ਵਾਸਤੇ ਵਿਦਿਆਰਥੀਆਂ ਨੂੰ ਤਿਆਰੀ ਕਰਵਾਉਣ ਦੇ ਨਿਰਦੇਸ਼, ਰਜਿਸਟ੍ਰੇਸ਼ਨ 8 ਮਈ ਤੱਕ

Punjab school education department

ਚੰਡੀਗੜ੍ਹ, 12 ਅਪ੍ਰੈਲ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ‘ਨੈਸ਼ਨਲ ਮਿਸ਼ਨ ਫਾਰ ਕਲੀਨ ਗੰਗਾ‘ ਦੇ ਹੇਠ ਹੋਣ ਵਾਲੇ ਮੁਕਾਬਲਿਆਂ ਲਈ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਵਾਸਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿਤੇ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੰਗਾ ਕਵੈਸਟ 2020-21 ਦੀ ਤੀਜਾ ਐਡੀਸ਼ਨ 5 ਜੂਨ 2021 ਨੂੰ ਵਿਸ਼ਵ ਵਾਤਾਵਰਣ ਦਿਵਸ ’ਤੇ ਕਰਵਾਇਆ ਜਾ ਰਿਹਾ ਹੈ। ਇਸ ਵਿੱਚ 10 ਸਾਲ ਤੋਂ ਵੱਧ ਉਮਰ ਦੇ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਨ੍ਹਾਂ ਆਨ ਲਾਈਨ ਕਵਿਜ਼ ਮੁਕਾਬਲਿਆਂ ਵਾਸਤੇ ਰਜਿਸਟ੍ਰੇਸ਼ਨ 8 ਮਈ ਤੱਕ ਵੈਬਸਾਈਟ www.gangaquest.com ’ਤੇ ਕਰਵਾਈ ਜਾ ਸਕਦੀ ਹੈ। ਇਸ ਵਿੱਚ ਜੇਤੂ ਵਿਦਿਆਰਥੀਆਂ ਨੂੰ ਅਕ੍ਰਸ਼ਿਤ ਇਨਾਮ ਦਿੱਤੇ ਜਾਣਗੇ।

ਬੁਲਾਰੇ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਵਿਦਿਆਰਥੀਆਂ ਨੂੰ ਵਾਤਾਵਰਣ, ਜਲਵਾਯੂ, ਪਾਣੀ ਦੇ ਸ੍ਰੋਤਾਂ, ਕੁਦਰਤੀ ਸਾਧਨਾਂ, ਕੁਦਰਤੀ ਸਾਧਨਾਂ ਦੇ ਪ੍ਰਬੰਧਨ, ਹਵਾ ਅਤੇ ਪਾਣੀ ਪ੍ਰਦੂਸ਼ਣ ਨਾਲ ਸਬੰਧਿਤ ਵੱਖ ਵੱਖ ਵਿਸ਼ਿਆਂ ਦੀ ਤਿਆਰੀ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ ਹੈ।