ਪੰਜਾਬ ਰਾਜ ਮਹਿਲਾ ਕਮਿਸ਼ਨ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਲੁਧਿਆਣਾ ਦਾ ਦੌਰਾ

Raj Lali Gill
Raj Lali Gill
ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਚੇਅਰਮੈਨ ਕੰਵਰਦੀਪ ਸਿੰਘ ਪੀੜਤਾਂ ਅਤੇ ਪੁਲਿਸ ਕਮਿਸ਼ਨਰ ਨੂੰ ਮਿਲੇ

ਲੁਧਿਆਣਾ/ਚੰਡੀਗੜ੍ਹ, 23 ਜਨਵਰੀ 2025

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅਤੇ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਵੀਰਵਾਰ ਨੂੰ ਇਕ ਔਰਤ ਅਤੇ ਤਿੰਨ ਲੜਕੀਆਂ ਨਾਲ ਵਾਪਰੀ ਘਟਨਾ ਨੂੰ ਲੈ ਕੇ ਸਥਾਨਕ ਏਕਜੋਤ ਨਗਰ ਦਾ ਦੌਰਾ ਕੀਤਾ।

ਏਡੀਸੀ (ਜੀ) ਰੋਹਿਤ ਗੁਪਤਾ ਦੇ ਨਾਲ, ਘਟਨਾ ਵਾਲੀ ਥਾਂ ਪੁੱਜੇ ਰਾਜ ਲਾਲੀ ਗਿੱਲ ਅਤੇ ਕੰਵਰਦੀਪ ਸਿੰਘ ਨੇ ਇਸ ਗ਼ੈਰ-ਮਨੁੱਖੀ ਘਟਨਾ ’ਤੇ ਦੁੱਖ ਪ੍ਰਗਟਾਇਆ ਅਤੇ ਪਰਿਵਾਰ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਘਟਨਾ ਲਈ ਦੋਸ਼ੀ ਵਿਅਕਤੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਅਤੇ ਪੁਲਿਸ ਨੂੰ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨਾਲ ਵੀ ਮੁਲਾਕਾਤ ਕੀਤੀ ਅਤੇ ਹੁਣ ਤੱਕ ਹੋਈਆਂ ਗ੍ਰਿਫ਼ਤਾਰੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀ ਨੂੰ ਵੀ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਕਿਉਂਕਿ ਵੱਖ-ਵੱਖ ਪੁਲਿਸ ਟੀਮਾਂ ਪਹਿਲਾਂ ਹੀ ਬੜੀ ਮੁਸਤੈਦੀ ਨਾਲ ਉਸ ਦੀ ਭਾਲ ਕਰ ਰਹੀਆਂ ਹਨ। ਇਸ ਮਾਮਲੇ ਵਿੱਚ ਤਿੰਨ ਗ੍ਰਿਫ਼ਤਾਰੀਆਂ ਪਹਿਲਾਂ ਹੀ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਕਿਰਤ ਵਿਭਾਗ ਅਤੇ ਹੋਰਾਂ ਨੂੰ ਵੀ ਬਾਲ ਮਜ਼ਦੂਰੀ ਜਿਹੇ ਗ਼ੈਰ-ਮਨੁੱਖੀ ਅਮਲ ਨੂੰ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।