ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਨਾਲ ਕੀਤਾ ਜਾਵੇਗਾ ਸਨਮਾਨਿਤ
ਫਿਰੋਜ਼ਪੁਰ, 14 ਅਕਤੂਬਰ :-
ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਕੁਇਜ਼ ਮੁਕਾਬਲੇ 17 ਅਕਤੂਬਰ ਨੂੰ ਸਵੇਰੇ 9:30 ਵਜੇ ਡੀ.ਡੀ.ਬੀ.ਡੀ.ਏ.ਵੀ ਸੈਨਟਰੀ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਵੱਲੋਂ ਦੱਸਿਆ ਗਿਆ ਕਿ ਇਹ ਕੁਇਜ਼ ਮੁਕਾਬਲੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਵਿੱਚ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਵਰਗ ਵਿੱਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ, ਦੂਜੇ ਵਰਗ ਵਿੱਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਅਤੇ ਤੀਜੇ ਵਰਗ ਵਿੱਚ ਗ੍ਰੇਜੂਏਸ਼ਨ ਪੱਧਰ ਤੱਕ ਦੇ ਵਿਦਿਆਰਥੀ ਭਾਗ ਲੈਣਗੇ।
ਡਾ. ਸੰਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਐਂਟਰੀਆਂ ਪਹਿਲਾਂ ਹੀ ਦਫ਼ਤਰ ਵੱਲੋਂ ਪ੍ਰਾਪਤ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਤਿੰਨਾਂ ਵਰਗਾਂ ਵਿੱਚ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਇਹ ਮੁਕਾਬਲੇ ਲਿਖਤੀ ਹੋਣਗੇ ਅਤੇ ਇਸ ਲਈ ਸਮਾਂ ਇੱਕ ਘੰਟੇ ਦਾ ਹੋਵੇਗਾ। ਵਿਦਿਆਰਥੀਆਂ ਨੂੰ ਕੁੱਲ 100 ਪ੍ਰਸ਼ਨ ਪੁੱਛੇ ਜਾਣਗੇ ਅਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਹੋਣਗੇ ਅਤੇ ਪੇਪਰ ਵਿੱਚ ਨੈਗੇਟਿਵ ਮਾਰਕਿੰਗ ਹੋਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਵਰਗਾਂ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੀ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੁਇਜ਼ ਮੁਕਾਬਲਿਆਂ ‘ਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸ਼ਖਸ਼ੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਆਦਿ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਜਾਣਗੇ। ਮੁਕਾਬਲਿਆਂ ਦੀ ਤਿਆਰੀ ਲਈ ਭਾਸ਼ਾ ਵਿਭਾਗ, ਪੰਜਾਬ ਵੱਲੋਂ “ਕੁਇਜ਼ ਮੁਕਾਬਲਾ” ਪੁਸਤਕ ਵੀ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਮੁਕਾਬਲਿਆਂ ਨੂੰ ਸਫ਼ਲਤਾ-ਪੂਰਵਕ ਨੇਪਰੇ ਚਾੜਨ ਲਈ ਦਫ਼ਤਰ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

English






