ਦੋਸ਼ੀਆਂ ਅਤੇ ਸ਼ਰਾਬ ਮਾਫ਼ੀਆ ਦੇ ਸਰਪ੍ਰਸਤਾਂ  ਖ਼ਿਲਾਫ਼ ਕਤਲ ਦਾ ਕੇਸ ਹੋਵੇ ਦਰਜ: ਕੁਲਤਾਰ ਸਿੰਘ

illicit liquor case

-ਰਾਜਾ ਅਮਰਿੰਦਰ ਸਿੰਘ ਸਰਕਾਰ ਨਾਜਾਇਜ਼ ਸ਼ਰਾਬ ਮਾਫ਼ੀਆ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿਚ ਰਹੀ ਅਸਫਲ : ਕੁਲਤਾਰ ਸਿੰਘ
-ਸੱਤਾਧਾਰੀ ਸਰਕਾਰ ਦੀ ਸਰਪ੍ਰਸਤੀ ਹੇਠ ਸ਼ਰਾਬ ਮਾਫ਼ੀਆ ਪ੍ਰਫੁੱਲਿਤ: ‘ਆਪ’

ਤਰਨਤਾਰਨ,  20 ਅਗਸਤ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਦੀ ਅਗਵਾਈ ਵਿੱਚ ‘ਆਪ’ ਦੇ ਵਲੰਟੀਅਰਾਂ ਨੇ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੇ ਮਾਮਲੇ ਵਿੱਚ ਕਾਰਵਾਈ ਕਰਨ ਦੇ ਵਿਰੋਧ ਵਿੱਚ ਐਸ.ਐਸ.ਪੀ ਤਰਨਤਾਰਨ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਨੇ ਕਿਹਾ ਕਿ ਪਿੰਡ ਪੰਡੋਰੀ ਗੋਲਾ ਵਿੱਚ ਦਿਲਬਾਗ ਸਿੰਘ ਦੀ ਤਾਜ਼ਾ ਹੋਈ ਮੌਤ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਅਪਣਾਏ ਜਾ ਰਹੇ ਦੋਹਰੇ ਮਾਪਦੰਡਾਂ ਦਾ ਪਰਦਾਫਾਸ਼ ਕੀਤਾ ਹੈ, ਕਿਉਂਕਿ ਹਾਲ ਹੀ ਵਿਚ ਰਾਜੇ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਲੋਕਾਂ ਦੇ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦਾ ਦਾਅਵਾ ਕੀਤਾ ਸੀ। ਜਦੋਂ ਕਿ ਮ੍ਰਿਤਕ ਦਿਲਬਾਗ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਤੱਕ  ਮੁੱਖ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਕੁਲਤਾਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਕਾਰ ਹਰ ਤਰਾਂ ਦੇ ਮਾਫ਼ੀਏ ਭਾਵੇਂ ਉਹ ਸ਼ਰਾਬ ਮਾਫ਼ੀਆ ਹੋਵੇ ਜਾਂ ਰੇਤ ਮਾਫ਼ੀਆ ਹੋਵੇ, ਉਨ੍ਹਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੀ ਹੈ ਅਤੇ ਇਸ ਦੇ ਆਗੂ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਪ੍ਰਵਾਹ ਕੀਤੇ ਬਿਨਾ ਆਪਣੇ ਨਿੱਜੀ ਖ਼ਜ਼ਾਨੇ ਭਰਨ ਵਿਚ ਲੱਗੇ ਹੋਏ ਹਨ।
‘ਆਪ’ ਵਿਧਾਇਕ ਨੇ ਰਾਜਾ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਰਾਜਾ ਤਰਨਤਾਰਨ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਤੋਂ ਮਜਬੂਰ ਹੋ ਕੇ ਮਜਬੂਰੀ ਵੱਸ ਮਿਲਣ ਆਇਆ ਸੀ। ਜੇਕਰ ਮੁੱਖ ਮੰਤਰੀ ਆਮ ਲੋਕਾਂ ਦੀਆਂ ਜ਼ਿੰਦਗੀਆਂ ਪ੍ਰਤੀ ਇੰਨੇ ਗੰਭੀਰ ਹੁੰਦੇ, ਤਾਂ ਉਨ੍ਹਾਂ ਨੂੰ ਪੁਲਿਸ ਨੂੰ ਇਨ੍ਹਾਂ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਸਪਸ਼ਟ ਨਿਰਦੇਸ਼ ਦੇਣਾ ਚਾਹੀਦਾ ਸੀ ਅਤੇ ਸਾਰੀ ਸਥਿਤੀ ਦੀ ਖ਼ੁਦ ਨਿਗਰਾਨੀ ਕਰਨੀ ਚਾਹੀਦੀ ਸੀ। ਕੁਲਤਾਰ ਸਿੰਘ ਨੇ ਮੰਗ ਕੀਤੀ ਕਿ ਸ਼ਰਾਬ ਮਾਫ਼ੀਆ ਅਤੇ ਦੋਸ਼ੀਆਂ ਦੀ ਸਰਪ੍ਰਸਤੀ ਕਰ ਰਹੇ ਕਾਂਗਰਸੀ ਆਗੂਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ ।
ਇਸ ਮੌਕੇ ਉਨ੍ਹਾਂ ਨਾਲ ‘ਆਪ’ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਲਾਲਪੁਰਾ, ਜਸਬੀਰ ਸਿੰਘ ਸੁਰ ਸਿੰਘ, ਰਣਜੀਤ ਸਿੰਘ ਚੀਮਾ, ਗੁਰਦੇਵ ਸਿੰਘ ਲਖਣਾ, ਡਾ ਕਸ਼ਮੀਰ ਸਿੰਘ ਸੋਹਲ, ਲਾਲਜੀਤ ਸਿੰਘ ਭੁੱਲਰ, ਹਰਜੀਤ ਸਿੰਘ ਸੰਧੂ, ਦਲਬੀਰ ਸਿੰਘ ਟੋਂਗ, ਹਰਭਜਨ ਸਿੰਘ ਈਟੀਓ, ਹਰਜੀਤ ਸਿੰਘ ਬਾਬਾ ਬਕਾਲਾ, ਬਲਜੀਤ ਸਿੰਘ ਖਹਿਰਾ, ਪਲਵਿੰਦਰ ਸਿੰਘ ਖ਼ਾਲਸਾ, ਲਖਵਿੰਦਰ ਸਿੰਘ ਫ਼ੌਜੀ, ਕੇਵਲ ਸਿੰਘ, ਅਵਤਾਰ ਸਿੰਘ ਮਠਾਰੂ ਸਮੇਤ ਪਾਰਟੀ ਵਲੰਟੀਅਰ ਹਾਜ਼ਰ ਸਨ।