ਸ਼੍ਰੋਮਣੀ ਅਕਾਲੀ ਦਲ ਨੇ ਭਾਰਤ ਸਰਕਾਰ ਨੂੰ ਕੀਤੀ ਅਪੀਲ, ਕਿਸਾਨਾਂ ਦੇ ਤੌਖਲੇ ਦੂਰ ਹੋਣ ਤੱਕ ਆਰਡੀਨੈਂਸ ਪ੍ਰਵਾਨਗੀ ਵਾਸਤੇ ਸੰਸਦ ’ਚ ਪੇਸ਼ ਨਾ ਕੀਤੇ ਜਾਣ
ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਕੋਰ ਕਮੇਟੀ ਨੇ ਕਿਹਾ ਕਿ ਅੰਨਦਾਤਾ ਦੇ ਖਦਸ਼ੇ ਦੂਰ ਕਰਨਾ ਇਸਦੀ ਜ਼ਿੰਮੇਵਾਰੀ
ਚੰਡੀਗੜ੍ਹ, 12 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਸੰਗਠਨਾਂ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਖਦਸ਼ੇ ਦੂਰ ਹੋਣ ਤੱਕ ਤਿੰਨ ਆਰਡੀਨੈਂਸ ਪ੍ਰਵਾਨਗੀ ਵਾਸਤੇ ਸੰਸਦ ਵਿਚ ਪੇਸ਼ ਨਾ ਕਰੇ।
ਇਸ ਬਾਬਤ ਫੈਸਲਾ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਗਿਆ ਕਿ ਕੋਰ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਅੰਨਾਦਾਤਾ ਦੇ ਖਦਸ਼ੇ ਦੂਰ ਕਰਨਾ, ਇਸਦੀ ਜ਼ਿੰਮੇਵਾਰੀ ਹੈ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਉਠਾਏ ਸਾਰੇ ਮਾਮਲੇ ਕੇਂਦਰ ਸਰਕਾਰ ਕੋਲ ਚੁੱਕਣ ਲਈ ਦ੍ਰਿੜ੍ਹ ਸੰਕਲਪ ਹੈ। ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਸੰਗਠਨਾਂ, ਕਿਸਾਨ ਪ੍ਰਤੀਨਿਧਾਂ ਤੇ ਖੇਤ ਮਜ਼ਦੂਰਾਂ ਦੇ ਪ੍ਰਤੀਨਿਧਾਂ ਨਾਲ ਪਿਛਲੇ ਦਿਨਾਂ ਦੌਰਾਨ ਮੀਟਿੰਗਾ ਕੀਤੀਆਂ ਹਨ। ਇਸਨੇ ਖੇਤੀਬਾੜੀ ਮਾਹਿਰਾਂ ਨਾਲ ਵੀ ਵਿਚਾਰ ਵਟਾਂਦਰਾ ਕਰ ਕੇ ਉਹਨਾਂ ਦੇ ਵਿਚਾਰ ਲਏ ਹਨ ਜਦਕਿ ਹੇਠਲੇ ਪੱਧਰ ’ਤੇ ਪਾਰਟੀ ਵਰਕਰਾਂ ਤੇ ਸੀਨੀਅਰ ਪਾਰਟੀ ਆਗੂਆਂ ਦੀ ਰਾਇ ਵੀ ਲਈ ਹੈ। ਬਿਆਨ ਵਿਚ ਕਿਹਾ ਗਿਆ ਕਿ ਇਹ ਰਾਇ ਲੈਣ ਤੋਂ ਬਾਅਦ ਇਹ ਸਾਹਮਣੇ ਆਇਆ ਹੈ ਕਿ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੱਸੇ ਖਦਸ਼ੇ ਦੂਰ ਕਰਨ ਤੱਕ ਇਹ ਕੇਂਦਰੀ ਆਰਡੀਨੈਂਸ ਪਾਸ ਕਰਵਾਉਣ ਦੀ ਕਾਹਲ ਨਹੀਂ ਕਰਨੀ ਚਾਹੀਦੀ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਨੂੰ ਦੱਸਿਆ ਕਿ ਉਹਨਾਂ ਕੋਲ ਗੁਆਂਢੀ ਰਾਜਾਂ ਦੇ ਕਿਸਾਨਾਂ ਤੇ ਕਿਸਾਨ ਸੰਗਠਨਾਂ ਨੇ ਵੀ ਪਹੁੰਚ ਕੀਤੀ ਹੈ ਤੇ ਸਾਰਿਆਂ ਨੇ ਕੇਂਦਰੀ ਆਰਡੀਨੈਂਸਾਂ ਬਾਰੇ ਖਦਸ਼ੇ ਪ੍ਰਗਟ ਕੀਤੇ ਹਨ ਤੇ ਉਹਨਾਂ ਨੇ ਅਪੀਲ ਕੀਤੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਹਨਾਂ ਦੇ ਮੁੱਦੇ ਅਤੇ ਖਦਸ਼ੇ ਕੇਂਦਰੀ ਲੀਡਰਸ਼ਿਪ ਕੋਲ ਚੁੱਕੇ। ਉਹਨਾਂ ਕਿਹਾ ਕਿ ਇਸਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਾ ਵਿਚਾਰ ਹੈ ਕਿ ਇਹਨਾਂ ਚਿੰਤਾਵਾਂ ਨੂੰ ਕੇਂਦਰ ਸਰਕਾਰ ਨੂੰ ਦੂਰ ਕਰਨਾ ਚਾਹੀਦਾ ਹੈ।
ਇਸ ਦੌਰਾਨ ਕੌਰ ਕਮੇਟੀ ਨੇ ਇਹ ਵੀ ਮਹਿਸੂਸ ਕੀਤਾ ਕਿ ਇਹ ਸਹੀ ਰਹੇਗਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਫਦ ਦੀ ਅਗਵਾਈ ਕਰਨ ਜੋ ਕੇਂਦਰ ਸਰਕਾਰ ਕੋਲ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਗੱਲਬਾਤ ਕਰੇ। ਇਸਨੇ ਕਿਹਾ ਕਿ ਵਫਦ ਕੇਂਦਰ ਸਰਕਾਰ ਤੇ ਹਮਖਿਆਲੀ ਪਾਰਟੀਆਂ ਨਾਲ ਗੱਲਬਾਤ ਕਰੇਗਾ ਤਾਂ ਜੋ ਆਉਂਦੇ ਦਿਨਾਂ ਵਿਚ ਕਿਸਾਨਾਂ ਦੇ ਖਦਸ਼ੇ ਦੂਰ ਕੀਤੇ ਜਾ ਸਕਣ।
ਕੋਰ ਕਮੇਟੀ ਨੇ ਇਕ ਮਤਾ ਵੀ ਪਾਸ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰੇਗੀ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਮੇਟੀ ਨੂੰ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਭਾਰਤ ਵਿਚ ਕਿਸਾਨਾਂ ਦੇ ਨਿਰਵਿਵਾਦ ਆਗੂ ਹਨ। ਕਿਸਾਨ ਸਾਡੀ ਪਾਰਟੀ ਦੀ ਜਿੰਦ ਜਾਨ ਹਨ। ਅਸੀਂ ਹਮੇਸ਼ਾ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਮੇਤ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਲੜਾਈ ਲੜਦੇ ਰਹੇ ਹਾਂ ਤੇ ਲੜਦੇ ਰਹਾਂਗੇ। ਸਾਡੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਰੱਖਣ ਲਈ ਅਸੀਂ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਾਂ।
ਹੋਰਨਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਮਾਨ, ਜਗਮੀਤ ਬਰਾੜ ਤੇ ਮਨਜਿੰਦਰ ਸਿੰਘ ਸਿਰਸਾ ਨੇ ਵੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ।

English






