ਸਕੂਲੀ ਬੱਚਿਆਂ ਨੂੰ ਤੰਬਾਕੂ ਤੋਂ ਹੁੰਦੇ ਨੁਕਸਾਨਾਂ ਬਾਰੇ ਕੀਤਾ ਗਿਆ ਜਾਗਰੂਕ
ਫਾਜ਼ਿਲਕਾ 27 ਮਈ 2022 ਸਿਹਤ ਵਿਭਾਗ ਵਲੋ ਪਿੰਡਾਂ ਵਿੱਚ ਲੋਕਾਂ ਨੂੰ ਤੰਬਾਕੂਨੋਸ਼ੀ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜਿਸ ਵਿਚ ਸਕੂਲ , ਕਾਲਜ ਅਤੇ ਪਿੰਡਾਂ ਦੀ ਜਨਤਕ ਥਾਵਾਂ ਤੇ ਲੋਕਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾ ਰਿਹਾ ਹੈ । ਸਿਵਲ ਸਰਜਨ ਡਾਕਟਰ ਤੇਜਵੰਤ ਸਿੰਘ ਢਿੱਲੋ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਮੁੱਲੈਨਵਾਲੀ ਵਿਖੇ ਸੈਮੀਨਾਰ ਲਗਾਇਆ ਗਿਆ ਅਤੇ ਨਾਲ ਹੀ ਅਰਨੀਵਾਲਾ ਸ਼ੇਖ ਸ਼ੁਭਨ ਵਿਚ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਤੰਬਾਕੂ ਤੋਂ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ । ਬਲਾਕ ਐਜੂਕੇਟਰ ਦਿਵੇਸ਼ ਕੁਮਾਰ ਅਤੇ ਹੈਲਥ ਸੁਪਰਵਾਈਜ਼ਰ ਬਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਪਿੰਡਾਂ ਵਿਚ ਲੋਕਾ ਨੂੰ ਜਾਗਰੂਕ ਕੀਤਾ ਅਤੇ ਚਲਾਨ ਵੀ ਮੌਕੇ ਤੇ ਕੀਤੇ।
ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਗਜੀਤ ਸਿੰਘ ਨੇ ਦੱਸਿਆ ਕਿ ਅੱਜ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਨਿਯਮਾਂ ਨੂੰ ਧਿਆਨ ਵਿਚ ਰੱਖਦੇ ਹੋਏ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ ਅਤੇ ਆਮ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਤੰਬਾਕੂ ਵਿਰੋਧੀ ਸਹੁੰ ਵੀ ਚੁਕਾਈ ਗਈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸਾਰਾ ਸਾਲ ਹੀ ਤੰਬਾਕੂ ਵਿਰੋਧੀ ਗਤੀਵਿਧੀਆਂ ਜਿਵੇਂ ਕਿ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 ਅਧੀਨ ਚਲਾਨ ਆਦਿ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲਗੱਡੀ, ਹੋਟਲ ਆਦਿ ਵਿਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ। 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ। ਕਿਸੇ ਵੀ ਵਿੱਦਿਅਕ ਜਾਂ ਧਾਰਮਿਕ ਸੰਸਥਾ ਦੇ 100 ਮੀਟਰ ਦੇ ਦਾਇਰੇ ਅੰਦਰ ਨਾ ਤਾ ਤੰਬਾਕੂ ਉਤਪਾਦ ਵੇਚਿਆ ਜਾ ਸਕਦਾ ਹੈ ਨਾ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ। ਤੰਬਾਕੂ ਉਤਪਾਦ ਨੂੰ ਉਤਸ਼ਾਹਿਤ ਕਰਨ ਵਾਲੇ ਵਿਗਿਆਪਨ ਨਹੀਂ ਦਿੱਤੇ ਜਾ ਸਕਦੇ। ਤੰਬਾਕੂ ਉਤਪਾਦ ਤੇ ਲਿਖਤੀ ਅਤੇ ਤਸਵੀਰ ਸਮੇਤ 85 ਫ਼ੀਸਦੀ ਚੇਤਾਵਨੀ ਛਾਪਣੀ ਲਾਜ਼ਮੀ ਹੈ। ਵਿਭਾਗ ਵੱਲੋਂ ਐਕਟ ਦੀ ਉਲੰਘਣਾ ਕਰਨ ਤੇ ਚਲਾਨ ਵੀ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਤੰਬਾਕੂ ਧੂੰਏਂ ਵਾਲਾ ਜਾਂ ਧੂੰਆਂ ਰਹਿਤ ਦੋਵੇਂ ਕਿਸਮ ਦਾ ਹੋ ਸਕਦਾ ਹੈ। ਬੀੜੀ, ਸਿਗਰਟ ਆਦਿ ਧੂੰਏ ਵਾਲਾ ਅਤੇ ਜ਼ਰਦਾ, ਖੈਨੀ ਆਦਿ ਧੂੰਆਂ ਰਹਿਤ ਤੰਬਾਕੂ ਦੀਆਂ ਕਿਸਮਾਂ ਹਨ। ਦੋਵੇਂ ਹੀ ਕਿਸਮ ਦਾ ਤੰਬਾਕੂ ਖਤਰਨਾਕ ਹੈ। ਤੰਬਾਕੂ ਦੀ ਵਰਤੋਂ ਨਾਲ ਵੱਖ-ਵੱਖ ਤਰ੍ਹਾਂ ਦਾ ਕੈਂਸਰ ਅਤੇ ਹੋਰ ਬਿਮਾਰੀਆਂ ਵੀ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ। ਇਸ ਲਈ ਤੰਬਾਕੂ ਦੇ ਸੇਵਨ ਤੋਂ ਸਾਨੂੰ ਗੁਰੇਜ਼ ਕਰਨ ਦੀ ਲੋੜ ਹੈ। ਇਸ ਮੌਕੇ ਟੀਮ ਵਿਚ ਸਿਹਤ ਵਿਭਾਗ ਦੇ ਕਰਮਚਾਰੀ ਤਰਸੇਮ ਸਿੰਘ , ਸਕੂਲ ਟੀਚਰ ਰੋਹਿਤ ਸ਼ਰਮਾ, ਪੂਜਾ ਭਾਟੀਆ ਅਤੇ ਹਰਪ੍ਰੀਤ ਆਦਿ ਮੌਜੂਦ ਸੀ।

English






