ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਲਈ ਮਿਆਰੀ ਸਹੂਲਤਾਂ: ਡਿਪਟੀ ਕਮਿਸ਼ਨਰ 

ਰੂਪਨਗਰ, 12 ਸਤੰਬਰ :-  
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।
ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਤੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਨਹਿਰੂ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦੀ ਸ਼ੁਰੂਆਤ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਿਡਾਰੀਆਂ ਦੇ ਖਾਣ ਪੀਣ, ਮੈਡੀਕਲ ਟੀਮਾਂ, ਖ਼ੁਰਾਕ ਸਮੱਗਰੀ ਦੇ ਸਟਾਲਾਂ, ਪੀਣ ਵਾਲੇ ਪਾਣੀ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਫੇਰ ਵੀ ਜੇਕਰ ਕਿਤੇ ਕੋਈ ਕਮੀਂ ਨਜ਼ਰ ਆਉਂਦੀ ਹੈ ਤਾਂ ਖਿਡਾਰੀ ਫੌਰੀ ਉਸ ਨੂੰ ਪ੍ਰਬੰਧਕਾਂ ਦੇ ਧਿਆਨ ਵਿੱਚ ਲੈਕੇ ਆਉਣ, ਦਿੱਕਤ ਫੌਰੀ ਦੂਰ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿਚ ਹਿੱਸਾ ਲੈਣ ਅਤੇ ਪੂਰੀ ਮਿਹਨਤ ਕਰਦਿਆਂ ਪੰਜਾਬ ਦਾ ਸੁਨਹਿਰੀ ਭਵਿੱਖ ਸਿਰਜਣ ਵਿਚ ਯੋਗਦਾਨ ਪਾਉਣ।