ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਸਾਂਝੇ ਉਮੀਦਵਾਰ ਦੀ ਅਕਾਲ ਤਖਤ ਦੀ ਅਪੀਲ ਦਾ ਸਨਮਾਨ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 3 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨਾਲ ਸੰਗਰੂਰ ਵਿਖੇ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਬੰਦੀ ਸਿੰਘਾਂ ਦੇ ਪਰਿਵਾਰਾਂ ਵਿਚੋਂ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕਰਨ ਲਈ ਕੀਤੀ ਅਪੀਲ ਦਾ ਸਨਮਾਨ ਕਰਨ ਦੀ ਅਪੀਲ ਕੀਤੀ ਤਾਂ ਜੋ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਕਰਵਾਈ ਜਾ ਸਕੇ। ਇਹ ਮੀਟਿੰਗ ਤਕਰੀਬਨ ਇਕ ਘੰਟੇ ਤੱਕ ਚੱਲੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੁੰ ਸਰਦਾਰ ਬਾਦਲ, ਸਰਦਾਰ ਮਾਨ ਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਰਲ ਕੇ ਸਰਦਾਰ ਮਾਨ ਦੀ ਰਿਹਾਇਸ਼ ਦੇ ਬਾਹਰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਰਦਾਰ ਮਾਨ ਨੇ ਉਹਨਾਂ ਨੁੰ ਭਰੋਸਾ ਦੁਆਇਆ ਹੈ ਕਿ ਉਹ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕਰਨ ਦੀ ਤਜਵੀਜ਼ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨਗੇ ਤਾਂ ਜੋ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ।
ਸਰਦਾਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਸਰਦਾਰ ਮਾਨ ਨੁੰ ਅਪੀਲ ਕੀਤੀ ਕਿ ਉਹ ਚੋਣ ਫਤਵੇ ਨਾਲ ਆਪਣੀ ਰਿਹਾਈ ਦੀ ਦਾਸਤਾਨ ਮੁੜ ਦੁਹਰਾਉਣ ਲਈ ਹਾਂ ਪੱਖੀ ਤੇ ਅਗਵਾਈ ਵਾਲੀ ਭੂਮਿਕਾ ਅਦਾ ਕਰਨ। ਸਰਦਾਰ ਬਾਦਲ ਨੇ ਜ਼ੋਰ ਦਿੱਤਾ ਕਿ ਵੱਖ ਵੱਖ ਪੰਥਕ ਜਥੇਬੰਦੀਆਂ ਨੂੰ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਹੀ ਕਿਸੇ ਸਾਂਝੇ ਉਮੀਦਵਾਰ ਨੁੰ ਖੜ੍ਹਾ ਕਰਨ ਲਈ ਹੁੰਗਾਰਾ ਭਰਨਾ ਚਾਹੀਦਾ ਹੈ।
ਇਸ ਮਾਮਲੇ ਵਿਚ ਅੰਤਿਮ ਫੈਸਲਾ ਭਲਕੇ ਲਏ ਜਾਣ ਦੀ ਸੰਭਾਵਨਾ ਹੈ।

English






