—ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਮਨਾਹੀ ਹੁਕਮ ਜਾਰੀ
—ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਨਤਕ ਥਾਵਾਂ ’ਤੇ ਹਥਿਆਰ ਚੁੱਕਣ ਤੇ ਪਾਬੰਦੀ
–ਸਰਕਾਰੀ ਅਤੇ ਨਿੱਜੀ ਬੱਸਾਂ ’ਚ ਅਸ਼ਲੀਲ ਗਾਣੇ ਚਲਾਉਣ ’ਤੇ ਮਨਾਹੀ
ਬਰਨਾਲਾ, 27 ਮਈ
ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਉਨ੍ਹਾਂ ਕਿਹਾ ਕਿ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਈਨਾ ਡੋਰ ਅਤੇ ਮਾਂਜਾ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜੋ ਬਹੁਤ ਮਜ਼ਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣਯੋਗ ਹਨ। ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਗਲਾਂ ਕੱਟ ਦਿੰਦੀ ਹੈ। ਸਾਈਕਲ, ਸਕੂਟਰ ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਦੇ ਹਨ ਅਤੇ ਉੱਡਦੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਵਾਰਨ ਵੀ ਦੂਸ਼ਿਤ ਹੁੰਦਾ ਹੈ।
ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 1000 ਮੀਟਰ ਦੇ ਘੇਰੇ ਅੰਦਰ ਪੈਂਦੇ ਸਮੂਹ ਮੈਰਿਜ ਪੈਲੇਸਾਂ ਅਤੇ ਖੇਡ ਮੈਦਾਨਾਂ ਆਦਿ ਅੰਦਰ ਆਰਮਡ ਪਰਸਨ, ਫਲਾਈ ਪੈਰਾ ਗਲਿੱਡਰਜ, ਪੈਰਾ ਮੋਟਰਜ਼, ਗੁਬਾਰਿਆਂ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪ੍ਰੀਖਿਆ ਕੇਂਦਰ/ਵਿਦਿਅਕ ਸੰਸਥਾਵਾਂ ਵਿੱਚ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰੀਖਿਆਵਾਂ ਸਮੇਂ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ (ਜਿਵੇਂ ਕਿ ਧਾਰਮਿਕ ਸਥਾਨ, ਮੈਰਿਜ ਪੈਲੇਸ/ਜਨਮ ਦਿਨ ਦੀਆਂ ਪਾਰਟੀਆਂ ਆਦਿ ਅਤੇ ਹੋਰ ਜਨਤਕ ਥਾਵਾਂ) ’ਤੇ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜ਼ਿਲਾ ਬਰਨਾਲਾ ਦੀ ਹਦੂਦ ਅੰਦਰ ਚੱਲਣ ਵਾਲੀਆਂ ਸਰਕਾਰੀ ਅਤੇ ਨਿੱਜੀ ਬੱਸਾਂ ਵਿੱਚ ਅਸ਼ਲੀਲ ਗਾਣੇ ਚਲਾਉਣ ’ਤੇ ਪਾਬੰਦੀ ਹੋਵੇਗੀ। ਜੇਕਰ ਅਜਿਹਾ ਕਰਨ ਵਾਲੇ ਬੱਸ ਚਾਲਕ ਜਾਂ ਕੰਡਕਟਰ ਵਿਰੁੱਧ ਸ਼ਿਕਾਇਤ ਪਾਈ ਗਈ ਤਾਂ ਉਸਦੇ ਖਿਲਾਫ਼ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।
ਇਸੇ ਤਰਾਂ ਇਕ ਹੋਰ ਹੁਕਮ ਤਹਿਤ ਉਨਾਂ ਜ਼ਿਲੇ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਮੈਰਿਜ ਪੈਲੇਸਾਂ/ਧਾਰਮਿਕ ਸਥਾਨਾਂ/ਆਮ ਲੋਕਾਂ ਦੁਆਰਾ ਸਭਿਆਚਾਰਕ ਅਤੇ ਧਾਰਮਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਾਂ, ਆਰਕੈਸਟਰਾ ਅਤੇ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ। ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ਅਤੇ ਪੜਾਈ ’ਤੇ ਮਾੜਾ ਅਸਰ ਪੈਂਦਾ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼ਜ) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਪੂਰਵ ਪ੍ਰਵਾਨਗੀ ਲਾਊਡ ਸਪੀਕਰਾਂ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ ਹੈ। ਜਿਸ ਵੀ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਜਾਂ ਆਮ ਲੋਕਾਂ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪਹਿਲਾਂ ਪ੍ਰਵਾਨਗੀ ਲੈਣਾ ਯਕੀਨੀ ਬਣਾਉਣਗੇ।

English






