ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਤਿ੍ਰਪਤ ਬਾਜਵਾ ਵਲੋਂ ਕੋਰੋਨਾ ਕਾਰਨ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ
ਚੰਡੀਗੜ, ਸਤੰਬਰ 28: ਸੂਬੇ ਦੇ ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਦੋ ਮੁਲਾਜ਼ਮਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਮਾਛੀਵਾੜਾ ਦੇ ਬਲਾਕ ਪੰਚਾਇਤ ਦਫਤਰ ਵਿਖੇ ਸੇਵਾ ਨਿਭਾ ਰਹੇ ਪੰਚਾਇਤ ਅਫਸਰ ਗੁਰਚਰਨ ਸਿੰਘ ਅਤੇ ਪਸ਼ੂ ਹਸਪਤਾਲ ਜੰਡਿਆਲਾ ਗੁਰੂ ਜ਼ਿਲਾ ਅੰਮਿ੍ਰਤਸਰ ਸਾਹਿਬ ਵਿਖੇ ਤਇਨਾਤ ਵੈਟਨਰੀ ਇੰਸਪੈਕਟਰ ਜਸਬੀਰ ਸਿੰਘ ਪਿਛਲੇ ਦਿਨੀ ਕੋਰੋਨਾ ਦੀ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।
ਸ੍ਰੀ ਬਾਜਵਾ ਨੇ ਦੋਵਾਂ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਪੰਜਾਬ ਸਰਕਾਰ ਵਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਛੜੇ ਮੁਲਾਜ਼ਮਾਂ ਦੇ ਪਰਿਵਾਰਾਂ ਦੇ ਬਣਦੇ ਹੱਕ ਤੁਰੰਤ ਦਿੱਤੇ ਜਾਣ ਅਤੇ ਉਨਾਂ ਦੇ ਆਸ਼ਰਿਤਾਂ ਨੂੰ ਨੌਕਰੀ ਦੇਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਕਾਰਵਈ ਕੀਤੀ ਜਾਵੇ।
ਪੰਚਾਇਤ ਅਤੇ ਪਸ਼ੂ ਪਾਲਣ ਮੰਤਰੀ ਨੇ ਦੁੱਖ ਦੀ ਇਸ ਘੜੀ ਵਿਚ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।