ਅਮਰੀਕਾ ਵੱਲੋਂ ਪੰਜਾਬੀ ਟਰੱਕ ਡਰਾਈਵਰਾਂ ਦੇ ਵੀਜ਼ਿਆਂ ‘ਤੇ ਰੋਕ, ਭਾਜਪਾ ਨੇ ਕੇਂਦਰ ਸਰਕਾਰ ਕੋਲ ਕੀਤੀ ਦਖ਼ਲਅੰਦਾਜ਼ੀ ਦੀ ਮੰਗ

ਪੰਜਾਬੀ ਡਰਾਈਵਰ ਅਮਰੀਕੀ ਲੋਜਿਸਟਿਕਸ ਅਤੇ ਟਰਾਂਸਪੋਰਟ ਸੈਕਟਰ ਦੀ ਰੀੜ੍ਹ ਦੀ ਹੱਡੀ ਹਨ

ਕੋਵਿਡ-19 ਮਹਾਮਾਰੀ ਦੌਰਾਨ ਵੀ ਪੰਜਾਬੀ ਡਰਾਈਵਰਾਂ ਨੇ ਖ਼ਤਰਨਾਕ ਹਾਲਾਤਾਂ ਵਿੱਚ ਬਿਨਾਂ ਰੁਕੇ ਸਪਲਾਈ ਚੇਨ ਜਾਰੀ ਰੱਖਣ ਲਈ ਅਹਿਮ ਯੋਗਦਾਨ ਦਿੱਤਾ ਸੀ

ਚੰਡੀਗੜ੍ਹ, 26 ਅਗਸਤ 2025

ਅਮਰੀਕਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਨਾਲ ਹੋਏ ਫ਼ਲੋਰੀਡਾ ਹਾਦਸੇ ਤੋਂ ਬਾਅਦ ਉੱਥੇ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫ਼ੈਸਲੇ ਕਾਰਨ ਹਜ਼ਾਰਾਂ ਪੰਜਾਬੀ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਗੰਭੀਰ ਚਿੰਤਾ ਦੀ ਲਹਿਰ ਦੌੜ ਗਈ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਦੇਸ਼ ਮਾਮਲੇ ਮੰਤਰੀ ਨੂੰ ਚਿੱਠੀ ਲਿਖ ਕੇ ਕੇਂਦਰ ਸਰਕਾਰ ਕੋਲ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਹੈ।

ਅਸ਼ਵਨੀ ਸ਼ਰਮਾ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਅਮਰੀਕਾ ਵੱਲੋਂ ਲਗਾਈਆਂ ਗਈਆਂ ਇਹ ਰੋਕਾਂ ਸਿਰਫ਼ ਇੱਕ ਅਣਚਾਹੀ ਘਟਨਾ ਦੇ ਆਧਾਰ ‘ਤੇ ਪੂਰੀ ਕਮਿਊਨਿਟੀ ਨੂੰ ਸਜ਼ਾ ਦੇਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਡਰਾਈਵਰ ਅਮਰੀਕੀ ਲੋਜਿਸਟਿਕਸ ਅਤੇ ਟਰਾਂਸਪੋਰਟ ਸੈਕਟਰ ਦੀ ਰੀੜ੍ਹ ਦੀ ਹੱਡੀ ਹਨ ਜੋ ਹਮੇਸ਼ਾ ਮਿਹਨਤ, ਭਰੋਸੇਯੋਗਤਾ ਅਤੇ ਲਗਨ ਲਈ ਜਾਣੇ ਜਾਂਦੇ ਹਨ। ਕੋਵਿਡ-19 ਮਹਾਮਾਰੀ ਦੌਰਾਨ ਵੀ ਪੰਜਾਬੀ ਡਰਾਈਵਰਾਂ ਨੇ ਖ਼ਤਰਨਾਕ ਹਾਲਾਤਾਂ ਵਿੱਚ ਬਿਨਾਂ ਰੁਕੇ ਸਪਲਾਈ ਚੇਨ ਜਾਰੀ ਰੱਖਣ ਲਈ ਅਹਿਮ ਯੋਗਦਾਨ ਦਿੱਤਾ ਸੀ।

ਸ਼ਰਮਾ ਨੇ ਆਪਣੀ ਚਿੱਠੀ ਵਿੱਚ ਵਿਦੇਸ਼ ਮਾਮਲੇ ਮੰਤਰੀ ਕੋਲ ਤਿੰਨ ਮੁੱਖ ਮੰਗਾਂ ਰੱਖੀਆਂ ਹਨ—

1. ਅਮਰੀਕਾ ਸਰਕਾਰ ਨਾਲ ਗੱਲਬਾਤ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਇੱਕ ਘਟਨਾ ਲਈ ਪੂਰੀ ਕਮਿਊਨਿਟੀ ਨੂੰ ਸਜ਼ਾ ਨਾ ਦਿੱਤੀ ਜਾਵੇ।

2. ਵਾਸ਼ਿੰਗਟਨ ਡੀ.ਸੀ. ਸਥਿਤ ਭਾਰਤੀ ਦੂਤਾਵਾਸ ਰਾਹੀਂ ਅਮਰੀਕੀ ਅਧਿਕਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਟਰੱਕ ਡਰਾਈਵਰਾਂ ਲਈ ਲਗਾਈਆਂ ਪਾਬੰਦੀਆਂ ‘ਤੇ ਮੁੜ ਵਿਚਾਰ ਕਰਵਾਇਆ ਜਾਵੇ।

3. ਟਰੱਕ ਡਰਾਈਵਰ ਹਰਜਿੰਦਰ ਸਿੰਘ ਨੂੰ ਕਾਨੂੰਨੀ ਅਤੇ ਕੌਂਸੁਲਰ ਸਹਾਇਤਾ ਦਿੱਤੀ ਜਾਵੇ ਤਾਂ ਜੋ ਉਸ ਦਾ ਕੇਸ ਨਿਆਂਸੰਗਤ ਅਤੇ ਪਾਰਦਰਸ਼ੀ ਤਰੀਕੇ ਨਾਲ ਸੁਣਿਆ ਜਾ ਸਕੇ।

ਸ਼ਰਮਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਅੰਤਰਰਾਸ਼ਟਰੀ ਪੱਧਰ ‘ਤੇ ਉਠਾ ਕੇ ਇਹ ਸਪਸ਼ਟ ਸੁਨੇਹਾ ਦਿੱਤਾ ਜਾਵੇ ਕਿ ਭਾਰਤ ਆਪਣੇ ਹਰ ਨਾਗਰਿਕ ਦੇ ਨਾਲ ਖੜ੍ਹਾ ਹੈ, ਭਾਵੇਂ ਉਹ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਹੋਵੇ।