ਚੰਡੀਗੜ•, 16 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਉਸ ਵਲੋ 7500 ਰੁਪਏ ਪਹਿਲੀ ਕਿਸ਼ਤ ਵਜੋ ਅਦਾ ਕੀਤੇ ਜਾ ਚੁੱਕੇ ਹਨ।
ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

English






