ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦੇ ਦੋ ਏ.ਐਸ.ਆਈ. ਕਾਬੂ

ਚੰਡੀਗੜ੍ਹ, 18 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਾਰਕੋਟਿਕ ਸੈੱਲ, ਅੰਮ੍ਰਿਤਸਰ ਵਿਖੇ ਤਾਇਨਾਤ ਦੋ ਸਹਾਇਕ ਸਬ ਇੰਸਪੈਕਟਰਾਂ (ਏਐਸਆਈ) ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਮ੍ਰਿਤਸਰ ਜ਼ਿਲ੍ਹੇ ਦੇ ਰਾਜੇਸ਼ ਬੱਬਰ ਦੀ ਸ਼ਿਕਾਇਤ ’ਤੇ ਏ.ਐਸ.ਆਈ. ਤਿਲਕ ਸਿੰਘ ਅਤੇ ਪ੍ਰਗਟ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਵੇਂ ਦੋਸ਼ੀ ਏ.ਐਸ.ਆਈ ਸ਼ਿਕਾਇਤਕਰਤਾ ਦੇ ਭਰਾ ਕੋਲੋਂ ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਸਬੰਧੀ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਨਸ਼ੀਲੇ ਪਦਾਰਥਾਂ ਸਬੰਧੀ ਇਕ ਹੋਰ ਕੇਸ ਦਰਜ ਨਾ ਕਰਨ ਦੇ ਬਦਲੇ ਵਿੱਚ 20,000 ਰੁਪਏ ਦੀ ਮੰਗ ਕਰ ਰਹੇ ਸਨ ਅਤੇ ਸੌਦਾ 15,000 ਰੁਪਏ ਵਿੱਚ ਤੈਅ ਹੋਇਆ।
ਸ਼ਿਕਾਇਤਕਰਤਾ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵੇਂ ਦੋਸ਼ੀ ਏਐਸਆਈ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 15,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਊਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।