125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ
ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ
ਅੰਮ੍ਰਿਤਸਰ,12 ਨਵੰਬਰ 2021
ਪਿਛਲੇ ਦਿਨੀਂ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਅਤੇ ਸ਼ਹਿਰੀ ਇਲਾਕਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ‘ਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਤਹਿਤ ਕਰੀਬ 2 ਲੱਖ 114 ਹਜ਼ਾਰ 712 ਘਰਾਂ ਨੂੰ ਲਾਭ ਪੁੱਜੇਗਾ । ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦਿੱਤੀ । ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਜਲ ਸਪਲਾਈ ਦੀਆਂ ਦਰਾਂ ਘਟਾ ਕੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ।
ਹੋਰ ਪੜ੍ਹੋ :-ਵੋਟਰ ਜਾਗਰੂਕਤਾ ਸਬੰਧੀ ਚੋਣ ਸਾਖ਼ਰਤਾ ਕਲੱਬਾਂ ਦੇ ਮੈਂਬਰਾਂ ਵੱਲੋਂ ਰਿਲੇਅ ਦੌੜ 14 ਨੂੰ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਲਏ ਫੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਜਿਲ੍ਹਾ ਪ੍ਰਸ਼ਾਸਨ ਤਤਪਰ ਉਪਰਾਲੇ ਕਰ ਰਿਹਾ ਹੈ। ਮੰਤਰੀ ਮੰਡਲ ਵਲੋਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਜਾਵੇਗੀ। ਪਿੰਡਾਂ ਵਿੱਚ ਗ੍ਰਾਮ ਪੰਚਾਇਤ ਅਤੇ ਜਲ ਸਪਲਾਈ ਅਤੇ ਸੈਨੀਟੇਸਨ ਕਮੇਟੀਆਂ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਖੁੱਲ੍ਹੀ ਛੋਟ ਦਿੱਤੀ ਕਿ ਉਹ ਇਸ ਤਰਜ ਤੇ ਕਾਰਵਾਈ ਕਰ ਸਕਦੀਆਂ ਹਨ। ਇਸ ਸਕੀਮ ਦੇ ਅਮਲੀ ਰੂਪ ਵਿੱਚ ਲਾਗੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਲਾਭ ਪੁੱਜੇਗਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਜਿਕਰ ਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦੇ ਕੇ ਰਾਹਤ ਦਿੱਤੀ ਗਈ ਸੀ। ਇਸ ਰਿਆਇਤਾਂ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰੀ ਇਲਾਕਿਆਂ ਦੇ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ।
ਫਾਇਲ ਫੋਟੋ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ

English






