ਹਰ ਪਿੰਡ ਨਸ਼ਿਆਂ ਵਿਰੁੱਧ ਡਟਣ ਦਾ ਤਹਈਆ ਕਰੇ: ਮੋਹਿੰਦਰ ਭਗਤ
ਸਰਕਾਰ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਨ ਲਈ ਯਤਨਸ਼ੀਲ: ਮੀਤ ਹੇਅਰ
ਜ਼ਿਲ੍ਹਾ ਪ੍ਰਸ਼ਾਸਨ ਵਲੋਂ “ਪਿੰਡਾਂ ਦੇ ਪਹਿਰੇਦਾਰਾਂ” ਦਾ ਜ਼ਿਲ੍ਹਾ ਪੱਧਰੀ ਸਮਾਗਮ
ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਸੱਦਾ
ਬਰਨਾਲਾ, 2 ਮਈ 2025
ਪੰਜਾਬ ਦੇ ਪਾਣੀ ਅਤੇ ਜਵਾਨੀ ਬਚਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਨੇ ”ਯੁੱਧ ਨਸ਼ਿਆਂ ਵਿਰੁੱਧ” ਤਹਿਤ ਪੂਰੀ ਵਿਓਂਤਬੰਦੀ ਕੀਤੀ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬਣਾਈਆਂ ਕਮੇਟੀਆਂ “ਪਿੰਡਾਂ ਦੇ ਪਹਿਰੇਦਾਰਾਂ” ਦੇ ਸਥਾਨਕ ਪੈਲੇਸ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਪੁਲੀਸ ਵਲੋਂ ਨਸ਼ਿਆਂ ਦੀ ਸਪਲਾਈ ਚੇਨ ਤੋੜਨ ‘ਤੇ ਕੰਮ ਕੀਤਾ ਜਾ ਰਿਹਾ ਹੈ, ਓਥੇ ਸਿਹਤ ਵਿਭਾਗ ਰਾਹੀਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਪੂਰੀਆਂ ਸਹੂਲਤਾਂ ਦੇ ਕੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਬਣਾ ਕੇ ਪਿੰਡ ਪਿੰਡ ਜਾਗਰੂਕਤਾ ਫੈਲਾਈ ਜਾ ਰਹੀ ਹੈ। ਮੁੜ ਵਸੇਬਾ ਕੇਂਦਰਾਂ ਵਿੱਚ ਯੋਗਾ, ਮੈਡੀਟੇਸ਼ਨ, ਖੇਡ ਗਤੀਵਿਧੀਆਂ ਕਾਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੁਪੋਰਟ ਗਰੁੱਪ ਵੀ ਬਣਾਏ ਜਾ ਰਹੇ ਹਨ ਜੋ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਛੁਡਾਉਣ ਵਿੱਚ ਮਦਦ ਕਰਨਗੇ।
ਇਸ ਮੌਕੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਮੁਹਿੰਮ ਕਿਸੇ ਇਕੱਲੇ ਵਿਅਕਤੀ ਦੀ ਨਹੀਂ ਬਲਕਿ ਇਸ ਵਿਚ ਹਰ ਪਿੰਡ – ਸ਼ਹਿਰ ਵਾਸੀ ਯੋਗਦਾਨ ਪਾਵੇ। ਪਿੰਡਾਂ ਦੇ ਪਿੰਡ ਤਹਈਆ ਕਰਨ ਤਾਂ ਜੋ ਅਸੀਂ ਸੂਬੇ ਨੂੰ ਨਸ਼ਾ ਮੁਕਤ ਕਰ ਸਕੀਏ।ਉਨ੍ਹਾਂ ਕਿਹਾ ਕਿ ਇਸੇ ਮਕਸਦ ਲਈ ਹਰ ਪਿੰਡ ਵਿਚ ਵਿਲੇਜ ਡਿਫੈਂਸ ਕਮੇਟੀ ਬਣਾਈ ਗਈ ਹੈ ਅਤੇ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਕੀਤੀ ਜਾਣੀ ਹੈ ਤੇ ਸਭਾਵਾਂ ਕੀਤੀਆਂ ਜਾਣੀਆਂ ਹਨ, ਜਿਸ ਵਿਚ ਹਰ ਸਰਪੰਚ, ਪੰਚ, ਨੰਬਰਦਾਰ, ਆਸ਼ਾ ਅਤੇ ਹੋਰ ਮੋਹਤਬਰ ਪੂਰਾ ਸਹਿਯੋਗ ਦੇਵੇ
ਇਸ ਮੌਕੇ ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਹਰ ਜ਼ਿਲ੍ਹੇ ਵਿੱਚ ਖੇਡ ਨਰਸਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਸਾਰੀ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਰਨਾਲਾ ਸਾਹਿਤਕਾਰਾਂ ਦਾ ਮੱਕਾ ਕਿਹਾ ਜਾਂਦਾ ਹੈ, ਇਹ ਸਾਹਿਤਕਾਰਾਂ ਦੀ ਧਰਤੀ ਹੈ, ਬੌਧਿਕ ਲੋਕਾਂ ਦੀ ਧਰਤੀ ਹੈ, ਆਓ ਸਾਰੇ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਇਸ ਮੁਹਿੰਮ ਵਿੱਚ ਜਿੱਤ ਹਾਸਲ ਕਰੀਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਬਣਾਈਆਂ “ਵਿਲੇਜ ਡਿਫੈਂਸ ਕਮੇਟੀਆਂ” ਇਸ ਮਿਸ਼ਨ ਵਿਚ ਯੋਧਿਆਂ ਵਾਂਗ ਹਨ ਜੋ ਕਿ ਅੱਗੇ ਹੋ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਸ ਪਾਸ ਜੇਕਰ ਕੋਈ ਨਸ਼ਾ ਕਰਦਾ ਹੈ ਤਾਂ ਉਸਨੂੰ ਜਾਗਰੂਕ ਕਰਕੇ ਨੇੜੇ ਦੇ ਨਸ਼ਾ ਛੁਡਾਊ ਜਾਂ ਮੁੜ ਵਸੇਬਾ ਕੇਂਦਰ ‘ਚ ਦਾਖ਼ਲ ਕਰਾਉਣ ‘ਚ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਉਂਦੇ ਦਿਨੀਂ ਨਸ਼ਾ ਮੁਕਤੀ ਯਾਤਰਾ ਸਭਾਵਾਂ ਹੋਣੀਆਂ ਹਨ, ਹਰ ਰੋਜ਼ ਹਰ ਬਲਾਕ ਦੇ 3 ਪਿੰਡਾਂ ਵਿਚ ਇਹ ਯਾਤਰਾ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਜੇਕਰ ਤੁਹਾਡੇ ਪਿੰਡ, ਆਸ – ਪਾਸ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲੀਸ ਨੂੰ ਦਿਓ। ਉਨ੍ਹਾਂ ਕਿਹਾ ਕਿ ਪੁਲੀਸ ਨਸ਼ਿਆਂ ਦੀ ਸਪਲਾਈ ਚੇਨ ਤੋੜਨ ਵਿੱਚ ਦਿਨ – ਰਾਤ ਡਟੀ ਹੋਈ ਹੈ। ਇਸ ਮੌਕੇ ਮੁੱਖ ਮਹਿਮਾਨ ਵਲੋਂ ਸਾਰੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ।
ਇਸ ਤੋਂ ਪਹਿਲਾਂ ਸਕੂਲੀ ਬੱਚਿਆਂ ਨੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਚੇਤਨਾ ਪੈਦਾ ਕਰਦੀਆਂ ਵੱਖ ਵੱਖ ਵੰਨਗੀਆਂ ਪੇਸ਼ ਕੀਤੀਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਹਾਈ ਸਕੂਲ ਜੁਮਲਾ ਮਾਲਕਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਨਾਨਕ ਨਗਰ, ਆਰ. ਪੀ. ਐੱਸ. ਡੀ ਸਕੂਲ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਅਤੇ ਬਾਜ਼ੀਗਰ ਬਸਤੀ ਬਰਨਾਲਾ ਤੋਂ ਨੌਜਵਾਨ ਰਣਜੀਤ ਰੁਪਾਣਾ ਨੇ ਆਪਣੀਆਂ ਵੰਨਗੀ ਪੇਸ਼ ਕੀਤੀ।
ਇਸ ਮੌਕੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨਸਭਾ ਸ. ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ‘ਯੁੱਧ ਨਸ਼ਿਆਂ ਵਿਰੁੱਧ’ ਦੇ (ਮਾਲਵਾ ਵੈਸਟ) ਜ਼ੋਨ ਦੇ ਇੰਚਾਰਜ ਚੁਸ਼ਪਿੰਦਰ ਸਿੰਘ ਚਹਿਲ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਤੇ ਚੇਅਰਮੈਨ ਸ੍ਰੀ ਰਾਮ ਤੀਰਥ ਮੰਨਾ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਚੇਅਰਮੈਨ ਗੁਰਜੋਤ ਸਿੰਘ ਭੱਠਲ, ਚੇਅਰਮੈਨ ਤਰਸੇਮ ਸਿੰਘ ਕਹਨੇਕੇ,ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਨੁਪ੍ਰਿਤਾ ਜੌਹਲ, ਉਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸ਼੍ਰੀ ਹਰਕੰਵਲਜੀਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ, ਉਪ ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫਸਰ ਸ਼੍ਰੀ ਗੁਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਸ਼੍ਰੀ ਅਮਰਿੰਦਰ ਪਾਲ ਸਿੰਘ ਚੌਹਾਨ, ਸਿਵਲ ਸਰਜਨ ਡਾ. ਬਲਜੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਮੈਡਮ ਉਮੇਸ਼ਵਰੀ ਸ਼ਰਮਾ, ਸ਼੍ਰੀ ਰਾਜੇਸ਼ ਕੁਮਾਰ ਛਿੱਬਰ ਐੱਸ ਪੀ (ਐਚ), ਸ਼੍ਰੀ ਅਸ਼ੋਕ ਕੁਮਾਰ ਐੱਸ ਪੀ (ਡੀ), ਡੀ ਐੱਸ ਪੀ ਬਰਨਾਲਾ ਸ਼੍ਰੀ ਸਤਵੀਰ ਸਿੰਘ, ਡੀ ਐੱਸ ਪੀ ਮਹਿਲ ਕਲਾਂ ਸ਼੍ਰੀ ਸੁਬੇਗ ਸਿੰਘ, ਡੀ ਐੱਸ ਪੀ (ਐਚ) ਸ਼੍ਰੀ ਪਰਮਜੀਤ ਸਿੰਘ ਡੋਡ, ਡੀ ਐੱਸ ਪੀ ਸ਼੍ਰੀ ਜਤਿੰਦਰਪਾਲ ਸਿੰਘ, ਡੀਐੱਸਪੀ ਸ਼੍ਰੀ ਬਲਜੀਤ ਮੌਂਗਾ, ਡੀਐੱਸਪੀ ਸ਼੍ਰੀ ਕਮਲਜੀਤ ਸਿੰਘ, ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ, ਪੰਚ, ਨੰਬਰਦਾਰ, ਪੰਚਾਇਤ ਸਕੱਤਰ, ਪਟਵਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ।

English






