ਪ੍ਰਧਾਨ ਮੰਤਰੀ, ਪੰਜਾਬ ਦੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨ: ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

Chairman Sukhwinder Singh  Bindra
ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਉਤੇ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਉਦਯੋਗਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼
ਚੰਡੀਗੜ, 3 ਨਵੰਬਰ
ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ।
ਕੇਂਦਰ ਸਰਕਾਰ ਉਤੇ ਹਰ ਹੀਲੇ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਉਂਦਿਆਂ, ਸ. ਬਿੰਦਰਾ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਦਿਆਂ ਭਾਜਪਾ ਸਰਕਾਰ ਨੇ ਪੰਜਾਬ ਰਾਜ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਧੋਖਾ ਕੀਤਾ ਹੈ।ਉਨਾਂ ਕਿਹਾ ਕਿ ਜਿੱਥੇ ਉਦਯੋਗਪਤੀ ਦੂਜੇ ਰਾਜਾਂ ਨੂੰ ਆਪਣਾ ਤਿਆਰ ਮਾਲ ਨਹੀਂ ਭੇਜ ਰਹੇ ਹਨ, ਉੱਥੇ ਮਾਲ ਰੇਲਗੱਡੀਆਂ ਦੇ ਠੱਪ ਹੋਣ ਨਾਲ ਕੱਚੇ ਮਾਲ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।ਉਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਨੇ ਨਾ ਸਿਰਫ਼ ਉਦਯੋਗ ਨੂੰ ਖ਼ਤਮ ਕੀਤਾ ਹੈ, ਸਗੋਂ ਹਰ ਪੱਖੋਂ ਪੰਜਾਬ ਦਾ ਵਿਨਾਸ਼ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਮੰਨ ਰਹੀ।
ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ ਨੂੰ ਰੋਕਣ ਲਈ ਭਾਜਪਾ ਸਰਕਾਰ ਦੀ ਆਲੋਚਨਾ ਕਰਦਿਆਂ ਸ. ਬਿੰਦਰਾ ਨੇ ਕਿਹਾ ਕਿ ਇਸ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਵੇਗਾ। ਉਨਾਂ ਕਿਹਾ ਕਿ ਕੇਂਦਰ ਨੂੰ ਆਪਣੇ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਗੱਲਬਾਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਸ਼ਾਮਲ ਹੋਣ।ਉਨਾਂ ਕਿਹਾ ਕਿ ਜੇ ਕਿਸਾਨਾਂ ਦੀ ਲਹਿਰ ਲੰਬੇ ਸਮੇਂ ਤੱਕ ਚੱਲਦੀ ਰਹੀ ਤਾਂ ਇਸ ਵਾਰ ਦੀਵਾਲੀ ਸਾਰੇ ਵਰਗਾਂ ਲਈ ਘਾਟੇ ਵਾਲੀ ਹੋਵੇਗੀ।