ਵੱਡੇ ਤੜਕੇ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ: ਅਕਾਲੀ ਦਲ

BIKRAM SINGH MAJITHA
BIKRAM SINGH MAJITHA
ਮੁੱਖ ਮੰਤਰੀ ਕਿਸਾਨਾਂ ਨਾਲ ਮੀਟਿੰਗ ਵਿਚ ਉਹਨਾਂ ਨੂੰ ਧਮਕਾਉਣ ਲਈ ਮੁਆਫੀ ਮੰਗਣਬਿਕਰਮ ਸਿੰਘ ਮਜੀਠੀਆ

 

ਚੰਡੀਗੜ੍ਹ, 4 ਮਾਰਚ 2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਅੱਜ ਵੱਡੇ ਤੜਕੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨ ਆਗੂ ਤੁਰੰਤ ਰਿਹਾਅ ਕੀਤੇ ਜਾਣ ਅਤੇ ਉਹਨਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨਾਂ ਨਾਲ ਮੀਟਿੰਗ ਵਿਚ ਉਹਨਾਂ ਨੂੰ ਧਮਕਾਉਣ ਅਤੇ ਉਹਨਾਂ ਨਾਲ ਬਦਸਲੂਕੀ ਕਰਨ ਦੀ ਮੁਆਫੀ ਮੰਗਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਨੇ ਕੱਲ੍ਹ ਸੰਯੁਕਤ ਕਿਸਾਨ ਮੋਰਚੇ ਦੇ ਜਿਹੜੇ ਆਗੂਆਂ ਨੂੰ ਗੱਲਬਾਤ ਲਈ ਸੱਦਿਆ ਸੀ, ਉਹਨਾਂ ਨਾਲ ਕਿਵੇਂ ਬਦਸਲੂਕੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਕਿਸਾਨਾਂ ਨੇ ਮੁੱਖ ਮੰਤਰੀ ਨੂੰ 2022 ਤੋਂ ਪਹਿਲਾਂ ਕਿਸਾਨਾਂ ਨਾਲ ਕੀਤੇ ਵਾਅਦੇ ਚੇਤੇ ਕਰਵਾਏ ਤਾਂ ਮੁੱਖ ਮੰਤਰੀ ਨੇ ਉਹਨਾਂ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣ ਦੀ ਧਮਕੀ ਦਿੱਤੀ। ਉਹਨਾਂ ਕਿਹਾ ਕਿ ਇਸ ਮਗਰੋਂ ਕਿਸਾਨਾਂ ਦੇ 5 ਮਾਰਚ ਦੇ ਅੰਦੋਲਨ ਨੂੰ ਫੇਲ੍ਹ ਕਰਨ ਵਾਸਤੇ ਵੱਡੇ ਤੜਕੇ ਤੋਂ ਹੀ ਕਿਸਾਨ ਆਗੂਆਂ ਦੀ ਗ੍ਰਿਫਤਾਰੀ ਸ਼ੁਰੂ ਹੋ ਗਈ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਮਾੜੇ ਰਵੱਈਏ ਕਾਰਣ ਪੰਜਾਬ ਤੇ ਪੰਜਾਬੀਆਂ ਦੇ ਅਕਸ ਨੂੰ ਢਾਹ ਵੱਜ ਰਹੀ ਹੈ।ਉਹਨਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਦੌਰੇ ਵੇਲੇ ਇਕ ਆਈ ਪੀ ਐਸ ਅਫਸਰ ਨਾਲ ਬਦਸਲੂਕੀ ਕੀਤੀ ਤੇ ਡਿਪਟੀ ਕਮਿਸ਼ਨਰ ਨਾਲ ਵੀ ਮਾੜਾ ਵਿਹਾਰ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਨਸ਼ੇ ਵਿਚ ਹੋਣ ਕਾਰਣ ਜਰਮਨੀ ਵਿਚ ਲੁਫਥਾਨਸਾ ਏਅਰਲਾਈਨ ਤੋਂ ਥੱਲੇ ਲਾਹੁਣ ਸਮੇਤ ਉਹਨਾਂ ਦੀਆਂ ਨਸ਼ੇ ਵਿਚ ਕੀਤੀਆਂ ਗਲਤੀਆਂ ਸਭ ਦੇ ਸਾਹਮਣੇ ਹਨ।

ਅਕਾਲੀ ਆਗੂ ਨੇ ਭਗਵੰਤ ਮਾਨ ਨੂੰ ਕਿਸਾਨਾਂ ਨਾਲ ਕੀਤੇ ਵਾਅਦੇ ਚੇਤੇ ਕਰਵਾਏ ਅਤੇ ਕਿਹਾ ਕਿ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਭਰੋਸਾ ਦੁਆਇਆ ਸੀ ਕਿ  ਆਮ ਆਦਮੀ ਪਾਰਟੀ ਖੇਤੀ ਨੀਤੀਆਂ ਨੂੰ ਨਵੇਂ ਸਿਰੇ ਤੋਂ ਬਣਾਏਗੀ ਤਾਂ ਜੋ ਸੂਬੇ ਵਿਚ ਕੋਈ ਵੀ ਕਿਸਾਨ ਜਾਂ ਖੇਤ ਮਜ਼ਦੂਰ ਖੁਦਕੁਸ਼ੀ ਨਾ ਕਰੇ। ਉਹਨਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦੁਆਇਆ ਸੀ ਕਿ ਉਹਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ ਅਤੇ ਉਹਨਾਂ ਦੀ ਸਰਕਾਰ ਸਵਾਮੀਨਾਥਨ ਰਿਪੋਰਟ ਲਾਗੂ ਕਰੇਗੀ, ਭਾਵੇਂ ਕੇਂਦਰ ਸਰਕਾਰ ਇਸਨੂੰ ਲਾਗੂ ਕਰੇ ਜਾਂ ਨਾ ਕਰੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਭਰੋਸਾ ਦੁਆਇਆ ਗਿਆ ਸੀ ਕਿ ਉਹਨਾਂ ਦੀ ਜਿਣਸ ਦੀ ਐਮ ਐਸ ਪੀ ’ਤੇ ਖਰੀਦ ਕੀਤੀ ਜਾਵੇਗੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਨਾਲ ਕੀਤੇ ਆਪਣੇ ਹਰ ਵਾਅਦੇ ਤੋਂ ਭੱਜ ਗਏ ਹਨ।ਉਹਨਾਂ ਕਿਹਾ ਕਿ ਜਦੋਂ ਉਹਨਾਂ ਨੂੰ ਕਿਸਾਨਾਂ ਨੇ ਇਹ ਵਾਅਦੇ ਚੇਤੇ ਕਰਵਾਏ ਤਾਂ ਉਹਨਾਂ ਨੇ ਕਿਸਾਨਾਂ ਨੂੰ ਧਮਕਾਉਣਾ ਸ਼ੁਰੂ ਕਰ ਦਿੱਤਾ ਤੇ ਉਹ ਮੀਟਿੰਗ ਅੱਧ ਵਿਚਾਲੇ ਛੱਡ ਕੇ ਭੱਜ ਗਏ।ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਜਿਹਨਾਂ ਕਿਸਾਨਾਂ ਨੇ ਸੱਤਾ ’ਤੇ ਬਿਠਾਇਆ ਹੈ, ਉਹਨਾਂ ਨੂੰ ਸਵਾਲ ਪੁੱਛਣ ਦਾ ਵੀ ਹੱਕ  ਹੈ। ਉਹਨਾਂ ਕਿਹਾ ਕਿ ਅਜਿਹਾ ਮਾੜਾ ਤੇ ਅਸਥਿਰਤਾ ਵਾਲਾ ਵਿਹਾਰ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ।

ਉਹਨਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਜੋ ਵਿਪਾਸਨਾ ਲਈ ਪੰਜਾਬ ਆਏ ਹਨ, ਨੂੰ ਬੇਨਤੀ ਕੀਤੀਕਿ ਸ੍ਰੀ ਭਗਵੰਤ ਮਾਨ ਨੂੰ ਇਸ ਵੇਲੇ ਉਹਨਾਂ ਨਾਲੋਂ ਵੀ ਜ਼ਿਆਦਾ ਇਲਾਜ ਦੀ ਜ਼ਰੂਰਤ ਹੈ ਅਤੇ ਉਹਨਾਂ ਨੂੰ ਵੀ ਇਹ ਵਿਪਾਸਨਾ ਕੈਂਪ ਲਾਉਣ ਵਾਸਤੇ ਕਹਿਣਾ ਚਾਹੀਦਾ ਹੈ ਤਾਂ ਜੋ ਉਹਨਾਂ ਵਿਚ ਸਥਿਰਤਾ ਆ ਸਕੇ।