ਲੁਧਿਆਣਾ ਨੂੰ ਪਰਾਲੀ ਦੇ ਧੂੰਏ ਤੋਂ ਮੁਕਤ ਬਣਾਉਣ ਲਈ ਖੇਤੀਬਾੜੀ ਵਿਭਾਗ ਲਗਾਏਗਾ 76 ਜਾਗਰੂਕਤਾ ਕੈਂਪ

VARINDER KUMAR SHARMA
ਲੁਧਿਆਣਾ ਨੂੰ ਪਰਾਲੀ ਦੇ ਧੂੰਏ ਤੋਂ ਮੁਕਤ ਬਣਾਉਣ ਲਈ ਖੇਤੀਬਾੜੀ ਵਿਭਾਗ ਲਗਾਏਗਾ 76 ਜਾਗਰੂਕਤਾ ਕੈਂਪ
ਮੁਹਿੰਮ ਦਾ ਮਕਸਦ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾਂਭਣਾ ਅਤੇ ਪਰਾਲੀ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਬਾਰੇੂ ਜਾਗਰੂਕ ਕਰਨਾ ਹੈ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ, 21 ਸਤੰਬਰ  2021

ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਫਸਲਾਂ ਦੀ ਰਹਿੰਦ -ਖੂੰਹਦ ਦੇ ਪ੍ਰਬੰਧਨ ਨੂੰ ਤਹਿਦਿਲੋਂ ਅਪਣਾਉਣ ਲਈ ਜ਼ਿਲ੍ਹੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੀ ਕਮਰ ਕੱਸ ਲਈ ਹੈ।

ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮਾਹਿਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਜ਼ਿਨ੍ਹਾਂ ਵੱਲੋਂ ਆਉਣ ਵਾਲੇ ਅਕਤੂਬਰ ਮਹੀਨੇ ਵਿੱਚ 76 ਜਾਗਰੂਕਤਾ ਕੈਂਪ ਲਗਾਏ ਜਾਣਗੇ। ਖੇਤਾਂ ਵਿੱਚ ਅਤਿ-ਆਧੁਨਿਕ ਉਪਕਰਣਾਂ ਦੀ ਪ੍ਰਦਰਸ਼ਨੀ ਜੋ ਝੋਨੇ ਦੀ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿੱਚ ਉਪਯੋਗੀ ਹਨ, ਵੀ ਲਗਾਈਆਂ ਜਾਣਗੀਆਂ।

ਹੋਰ ਪੜ੍ਹੋ -ਆਉਣ ਵਾਲੇ ਤਿਉਂਹਾਰ ਦੇ ਸੀਜ਼ਨ ਦੌਰਾਨ, ਕੋਵਿਡ ਪ੍ਰੋਟੋਕਾਲ ਦੀ ਕੀਤੀ ਜਾਵੇ ਸਖ਼ਤੀ ਨਾਲ ਪਾਲਣਾ – ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਹੋਰ ਵੇਰਵਿਆਂ ਸਾਂਝੇ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਟੀਮਾਂ ਝੋਨੇ ਦੀ ਪਰਾਲੀ ਸਾੜਨ ਦੇ ਖਤਰਨਾਕ ਪ੍ਰਭਾਵਾਂ ਬਾਰੇ ਜਾਣਕਾਰੀ ਦਾ ਪ੍ਰਸਾਰ ਕਰਨ ਲਈ ਸਖਤ ਯਤਨ ਕਰਨਗੀਆਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਖਤਰਾ ਹਨ।

ਉਨ੍ਹਾਂ ਕਿਹਾ ਕਿ ਇਹ ਟੀਮਾਂ ਅਤਿ-ਆਧੁਨਿਕ ਉਪਕਰਣਾਂ ਦੀ ਕਾਰਗੁਜ਼ਾਰੀ ਪ੍ਰਦਰਸ਼ਿਤ ਕਰਨ ਦੇ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੀ ਜ਼ਰੂਰਤ ਬਾਰੇ ਜਾਗਰੂਕ ਕਰਨ ਵਿੱਚ ਸਹਾਇਕ ਸਿੱਧ ਹੋਣਗੀਆਂ।

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਅਤੇ ਹੋਰ ਸੂਖਮ ਪੌਸ਼ਟਿਕ ਤੱਤ ਨਸ਼ਟ ਹੋ ਜਾਂਦੇ ਹਨ ਜਦੋਂ ਕਿ ਅਤਿ ਆਧੁਨਿਕ ਉਪਕਰਣਾਂ ਦੀ ਮਦਦ ਨਾਲ ਪਰਾਲੀ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਵਾਹਿਆ ਜਾਂਦਾ ਹੈ ਜਿਸ ਨਾਲ ਮਿੱਟੀ ਦੀ ਸਿਹਤ ਵਿੱਚ ਬਹੁਤ ਸੁਧਾਰ ਹੁੰਦਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਪਰਾਲੀ ਸਾੜਨ ਤੋਂ ਬਚਣਾ ਸਾਡੇ ਗੁਰੂਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜਿਨ੍ਹਾਂ ਨੇ ਲੋਕਾਂ ਨੂੰ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ ਦਾ ਸੰਦੇਸ਼ ਦਿੱਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਦੇ ਤਰੀਕਿਆਂ ਅਤੇ ਸਾਧਨਾਂ ਦੇ ਨਾਲ ਰਹਿੰਦ-ਖੂੰਹਦ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਜਾਣੂ ਕਰਵਾਉਣ ਲਈ ਕਿਸਾਨਾਂ ਵਿੱਚ ਪੈਂਫਲਿਟ ਅਤੇ ਪੋਸਟਰ ਵੀ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਉਨ੍ਹਾਂ ਕਿਸਾਨਾਂ ਦਾ ਸਨਮਾਨ ਵੀ ਕਰੇਗਾ ਜੋ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਹੀਂ ਸਾੜਨਗੇ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਝੋਨੇ ਦੀ ਕਟਾਈ ਅਕਤੂਬਰ ਦੇ ਪਹਿਲੇ ਹਫਤੇ ਸ਼ੁਰੂ ਹੋਣ ਦੀ ਉਮੀਦ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮਾਨਵਤਾ ਦੇ ਹਿੱਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।