ਚੰਡੀਗੜ 13 ਅਪੈ੍ਰਲ
ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਵਿਰੁੱਧ ਜ਼ੋਰਦਾਰ ਲੜਾਈ ਲੜ ਰਹੀ ਹੈ। ਸੁਲਤਾਨਪੁਰ ਲੋਧੀ ਤੋਂ ਵਿਧਾਇਕ ਸ੍ਰੀ ਨਵਤੇਜ ਸਿੰਘ ਚੀਮਾ ਨੇ ਅਗਲੇ ਛੇ ਮਹੀਨਿਆਂ ਲਈ ਆਪਣੀ ਮੁੱਢਲੀ ਤਨਖਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਐਲਾਨ ਕੀਤਾ ਹੈ।
ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਪਿਛਲੀ ਸਰਕਾਰ ਵੱਲੋਂ ਵਿਰਾਸਤ ਵਿੱਚ ਮਿਲੇ ਕਰਜ਼ੇ ਕਾਰਨ ਸੂਬਾ ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਅਤੇ ਹੁਣ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸੂਬੇ ਦੀ ਵਿੱਤੀ ਸਥਿਤੀ ਹੋਰ ਵਿਗੜ ਗਈ ਹੈ। ਸੂਬਾ ਸਰਕਾਰ ਨੂੰ ਕੋਰੋਨਾ ਖਿਲਾਫ ਜੰਗ ਲੜਨ ਲਈ ਵੱਡੀ ਰਾਸ਼ੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਰੂ ਵਾਇਰਸ ਤੋਂ ਲੋਕਾਂ ਦੀ ਜਾਨ ਬਚਾਉਣ ਲਈ ਪਹਿਲਾਂ ਹੀ ਆਪਣੇ ਸਾਰੇ ਸਰੋਤਾਂ ਦੀ ਵਰਤੋਂ ਕਰ ਰਹੀ ਹੈ। ਹੁਣ ਤਾਲਾਬੰਦੀ ਕਾਰਨ ਸੂਬਾ ਸਰਕਾਰ ਲਈ ਮਾਲੀਏ ਦੇ ਸਾਰੇ ਸਰੋਤ ਬੰਦ ਹੋ ਗਏ ਹਨ ਇਸ ਲਈ ਇਸ ਸੰਕਟ ਦੀ ਸਥਿਤੀ ਵਿਚ ਸੂਬਾ ਸਰਕਾਰ ਦੀ ਮਦਦ ਲਈ ਲੋਕਾਂ ਨੂੰ ਅੱਗੇ ਆਉਣਾ ਪਵੇਗਾ।
ਸਰਕਾਰ ਨੂੰ ਲੋਕਾਂ ਦੀ ਜਾਨ ਬਚਾਉਣ ਲਈ ਦਵਾਈਆਂ, ਵੈਂਟੀਲੇਟਰਾਂ ਅਤੇ ਹੋਰ ਡਾਕਟਰੀ ਉਪਕਰਣਾਂ ਦੀ ਖਰੀਦ ਲਈ ਬਹੁਤ ਸਾਰੇ ਪੈਸੇ ਦੀ ਲੋੜ ਹੈ। ਸੂਬੇ ਦਾ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਉਨ੍ਹਾਂ ਨੇ ਆਪਣੀ ਮੁੱਢਲੀ ਤਨਖਾਹ ਦਾ 30 ਫੀਸਦੀ ਹਿੱਸਾ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਹੋਰ ਵਿਧਾਇਕਾਂ ਅਤੇ ਸੂਬੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੋਵਿਡ -19 ਵਿਰੁੱਧ ਲੜਾਈ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਅੱਗੇ ਆਉਣ ਅਤੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ।

English






