ਮਿਸ਼ਨ ਅਬਾਦ 30 ਤਹਿਤ ਸਰਹੱਦੀ ਪਿੰਡ ਮੁਹੰਦਮ ਪੀਰਾ ਵਿਚ ਲਗਾਇਆ ਸਰਕਾਰ ਤੁਹਾਡੇ ਦੁਆਰ ਕੈਂਪ

Sorry, this news is not available in your requested language. Please see here.

—ਲੋਕਾਂ ਵਿਚ ਪੁੱਜ ਕੇ ਵਿਭਾਗ ਦੇ ਰਹੇ ਹਨ ਜਨ ਸੇਵਾਵਾਂ—ਨਰਿੰਦਰਪਾਲ ਸਿੰਘ ਸਵਨਾ
—ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ ਅਬਾਦ 30 ਕੈਂਪ—ਡਿਪਟੀ ਕਮਿਸ਼ਨਰ
—ਐਸਐਸਪੀ ਵੱਲੋਂ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ
ਫਾਜਿ਼ਲਕਾ, 3 ਅਪ੍ਰੈਲ
ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਆਰੰਭ ਕੀਤੇ ਮਿਸ਼ਨ ਅਬਾਦ 30 ਤਹਿਤ ਪਿੰਡ ਮੁਹੰਮਦ ਪੀਰਾ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਹਲਕਾ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ।
ਇਸ ਮੌਕੇ ਹਲਕਾ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪੁੱਜ ਕੇ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਨੂੰ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਇਹ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਵੱਖ ਵੱਖ ਵਿਭਾਗ ਆ ਕੇ ਆਪਣਾ ਕੈਂਪ ਲਗਾਉਂਦੇ ਹਨ ਅਤੇ ਮੌਕੇ ਤੇ ਹੀ ਵੱਖ ਵੱਖ ਜਨ ਸੇਵਾਵਾਂ ਮੁਹਈਆ ਕਰਵਾਉਂਦੇ ਹਨ।
ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਮਿਸ਼ਨ ਆਬਾਦ 30 ਤਹਿਤ ਸ਼ੁਰੂ ਕੀਤੇ ਇਹ ਕੈਂਪ ਸਰਹੱਦੀ ਪਿੰਡਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕਾਂ ਨੂੰ ਵੱਖ ਵੱਖ ਕੰਮਾਂ ਲਈ ਦਫ਼ਤਰਾਂ ਵਿਚ ਨਹੀਂ ਆਉਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਦਰਜਨ ਤੋਂ ਵੱਧ ਵਿਭਾਗਾਂ ਵੱਲੋਂ ਪਿੰਡ ਵਿਚ ਪਹੁੰਚ ਕੇ ਲੋਕਾਂ ਨੂੰ ਸੁਵਿਧਾ ਦਿੱਤੀ ਜਾਂਦੀ ਹੈ।ਉਨ੍ਹਾਂ ਨੇ ਮੌਕੇ ਤੇ ਹੀ ਲਾਭਪਾਤਰੀਆਂ ਨੂੰ ਕੈਂਪ ਦੌਰਾਨ ਬਣਾਏ ਗਏ ਸਰਟੀਫਿਕੇਟ ਵੀ ਤਕਸੀਮ ਕੀਤੇ।
ਐਸਐਸਪੀ ਅਵਨੀਤ ਕੌਰ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਜ਼ੇਕਰ ਕੋਈ ਨਸ਼ੇ ਦੀ ਤਸਕਰੀ ਕਰਦਾ ਹੋਵੇ ਤਾਂ ਉਸਦੀ ਸੂਚਨਾਂ ਪੁਲਿਸ ਨੂੰ ਦਿਓ। ਉਨ੍ਹਾਂ ਨੇ ਡਰੋਨ ਗਤੀਵਿਧੀ ਦੀ ਸੂਚਨਾ ਵੀ ਪੁਲਿਸ ਨੂੰ ਦੇਣ ਦੀ ਅਪੀਲ ਪਿੰਡ ਵਾਸੀਆਂ ਨੂੰ ਕੀਤੀ।
ਇਸ ਮੌਕੇ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।