ਵਿਜੀਲੈਂਸ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇਕ ਪਟਵਾਰੀ ਅਤੇ ਦੋ ਏ.ਐਸ.ਆਈ. ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

news makahni
news makhani

ਚੰਡੀਗੜ੍ਹ, 22 ਜਨਵਰੀ:

 ਵਿਜੀਲੈਂਸ ਬਿਊਰੋ ਨੇ ਅੱਜ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਇੱਕ ਪਟਵਾਰੀ ਅਤੇ ਦੋ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਲਕਾ ਜ਼ੈਦ, ਤਹਿਸੀਲ ਭੁੱਲੱਥ, ਜ਼ਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਪਟਵਾਰੀ ਪਰਮਜੀਤ ਸਿੰਘ ਨੂੰ ਮਨਜੀਤ ਸਿੰਘ ਦੀ ਸ਼ਿਕਾਇਤ ‘ਤੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਸ਼ਿਕਾਇਤਕਰਤਾ ਮਨਜੀਤ ਸਿੰਘ ਵਿਜੀਲੈਂਸ ਬਿਊਰੋ ਕੋਲ ਆਇਆ ਅਤੇ ਉਹਨਾਂ ਦੋਸ਼ ਲਾਇਆ ਹੈ ਕਿ ਪਟਵਾਰੀ ਉਸਦੀ ਜ਼ਮੀਨ ਦੇ ਇੰਤਕਾਲ ਲਈ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।  ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਇਕ ਹੋਰ ਮਾਮਲੇ ਵਿੱਚ, ਵਿਜੀਲੈਂਸ ਨੇ ਏ.ਸੀ.ਪੀ. ਜਲੰਧਰ ਵੈਸਟ ਦੇ ਰੀਡਰ ਏ.ਐਸ.ਆਈ. ਰਾਜੇਸ਼ ਕੁਮਾਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਨੂੰ ਜਲੰਧਰ ਦੇ ਟਰੈਵਲ ਏਜੰਟ ਰਾਹੁਲ ਵਧਾਵਨ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਕੀਤੀ ਅਤੇ ਦੋਸ਼ ਲਾਇਆ ਹੈ ਕਿ ਏ.ਐਸ.ਆਈ. ਰਾਜੇਸ਼ ਕੁਮਾਰ ਪੁਲਿਸ ਵੈਰੀਫਿਕੇਸ਼ਨ ਮਾਮਲੇ ਵਿੱਚ ਉਸਦਾ ਪੱਖ ਲੈਣ ਲਈ 5000 ਰੁਪਏ ਦੀ ਮੰਗ ਕਰ ਰਿਹਾ ਹੈ। ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੋਲੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੀ ਪੁਲਿਸ ਪੋਸਟ ਥੋਡਾ ਵਿਖੇ ਤਾਇਨਾਤ ਏ.ਐਸ.ਆਈ. ਮਹਿਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਮੁਲਜ਼ਮ ਏ.ਐਸ.ਆਈ. ਨੂੰ ਅੱਡਾ ਨੂਰਦੀ ਜ਼ਿਲ੍ਹਾ ਤਰਨਤਾਰਨ ਦੇ ਬਲਦੇਵ ਸਿੰਘ ਮਹੰਤ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਇਲਜ਼ਾਮ ਲਗਾਇਆ ਹੈ ਕਿ ਏ.ਐਸ.ਆਈ. ਮਹਿਲ ਸਿੰਘ ਉਸ ਨੂੰ ਉਸ ਡੇਰੇ, ਜਿਥੋ ਉਸ ਨੂੰ ਬੇਦਖਲ ਕੀਤਾ ਗਿਆ ਸੀ, ਵਿੱਚ ਸੁਰੱਖਿਅਤ ਵਾਪਸੀ ਦੀ ਇਜਾਜ਼ਤ ਦੇਣ ਅਤੇ ਇਸ ਦੇ ਰਿਸ਼ਤੇਦਾਰਾਂ ਨਾਲ ਸਮਝੌਤਾ ਕਰਵਾਉਣ ਬਦਲੇ 10,000 ਰੁਪਏ ਦੀ ਮੰਗ ਕਰ ਰਿਹਾ ਸੀ। ਉਸਦੀ ਜਾਣਕਾਰੀ ਦੀ ਤਸਦੀਕ ਕਰਨ ਤੋਂ ਬਾਅਦ ਇੱਕ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਕੋਲੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕ੍ਰਮਵਾਰ ਵੀ.ਬੀ ਥਾਣਾ ਜਲੰਧਰ ਅਤੇ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ। ਇਸ ਸਬੰਧੀ ਅਗਲੇਰੀ ਕਰਵਾਈ ਜਾਰੀ ਹੈ।